Share & like

ਗੁਰਦਾਸਪੁਰ, 04 ਜੁਲਾਈ (ਰੋਜ਼ਾਨਾ ਖ਼ਬਰ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ, 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਨੇ ਸਿੱਖਾਂ ਨਾਲ ਹਮੇਸ਼ਾ ਨਾਇਨਸਾਫ਼ੀ ਕੀਤੀ ਹੈ ਅਤੇ ਪੰਜਾਬੀਆਂ ਨਾਲ ਵਿਤਕਰਾ ਕੀਤਾ ਹੈ।

ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਿਹਾ ਕਿ ਸਮੇਂ ਸਮੇਂ ਹਾਕਮਾਂ ਨੇ ਸਿੱਖਾਂ ਦੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲੇ ਕਰਕੇ ਸਿੱਖ ਕੌਮ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਮੋਰਚੇ ਦੌਰਾਨ ਸਿੱਖਾਂ ਦੀ ਅਵਾਜ਼ ਨੂੰ ਦਬਾਉਣ ਲਈ ਵੀ ਉਸ ਸਮੇਂ ਦੀ ਕਾਂਗਰਸ ਸਰਕਾਰ ਨੇ 4 ਜੁਲਾਈ, 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਸੀ, ਜਿਸ ਨੂੰ ਕੌਮ ਭੁਲਾ ਨਹੀਂ ਸਕਦੀ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸਿੱਖਾਂ ਨਾਲ ਸਰਕਾਰਾਂ ਵੱਲੋਂ ਹਮੇਸ਼ਾ ਨਾਇਨਸਾਫ਼ੀ ਕੀਤੀ ਜਾਂਦੀ ਰਹੀ ਹੈ। ਭਾਸ਼ਾ ਦੇ ਅਧਾਰ ’ਤੇ ਬਣੇ ਸੂਬਿਆਂ ਸਮੇਂ ਵੀ ਪੰਜਾਬੀਆਂ ਨਾਲ ਵਿਤਕਰਾ ਕੀਤਾ ਗਿਆ। ਇਸ ਦੇ ਵਿਰੋਧ ਵਿਚ ਜਦੋਂ ਸਿੱਖ ਕੌਮ ਨੇ ਪੰਜਾਬੀ ਸੂਬਾ ਮੋਰਚਾ ਲਗਾਇਆ ਤਾਂ ਸਰਕਾਰ ਵੱਲੋਂ ਆਪਣੀ ਤਾਕਤ ਦੀ ਦੁਰਵਰਤੋਂ ਕਰ ਕੇ ਅਕਾਲੀ ਯੋਧਿਆਂ ਨੂੰ ਜੇਲ੍ਹਾਂ ਵਿਚ ਡੱਕ ਦਿੱਤਾ ਗਿਆ।

ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਇਸ ਮੌਕੇ ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਸਜਾਏ ਗਏ ਧਾਰਮਿਕ ਦੀਵਾਨ ਸਮੇਂ ਢਾਡੀ ਜਥਿਆਂ ਨੇ ਵੀ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ।


Share & like

Leave a Reply