ਨਵੀਂ ਦਿੱਲੀ, 7 ਜੁਲਾਈ (ਰੋਜ਼ਾਨਾ ਖ਼ਬਰ) 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਦੀ ਇੱਕ ਅਦਾਲਤ ਨੇ ਅੱਜ ਸੋਮਵਾਰ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੇ ਬਿਆਨ ਦਰਜ ਕੀਤੇ।
ਕਾਂਗਰਸੀ ਆਗੂ ਨੇ ਖ਼ੁਦ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਸ ਖ਼ਿਲਾਫ਼ ਕੋਈ ਸਬੂਤ ਨਹੀਂ ਹੈ। ਉਨ੍ਹਾਂ ਕਿਹਾ ਕਿ
ਮਾਮਲੇ ਦੀ ਨਿਰਪੱਖ ਜਾਂਚ ਨਹੀਂ ਕੀਤੀ ਗਈ ਅਤੇ ਉਸ ਨੂੰ ਬੇਬੁਨਿਆਦ ਦੋਸ਼ ਲਾ ਕੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਗਵਾਹ ਨੇ ਉਸਦਾ ਨਾਮ ਨਹੀਂ ਲਿਆ ਅਤੇ ਦਹਾਕਿਆਂ ਬਾਅਦ ਮੇਰਾ ਨਾਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸਦੇ ਵਿਰੁੱਧ ਕੇਸ ਝੂਠਾ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 29 ਜੁਲਾਈ ‘ਤੇ ਪਾ ਦਿੱਤੀ ਹੈ। ਜ਼ਿਕਰਯੋਗ ਹੈ ਕਿ ਫਰਵਰੀ 2015 ਵਿੱਚ ਇੱਕ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਹੋਈ ਹਿੰਸਾ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਸੱਜਣ ਕੁਮਾਰ ਵਿਰੁੱਧ ਦੋ ਐਫਆਈਆਰਜ਼ ਦਰਜ ਕੀਤੀਆਂ ਸਨ।












