ਚੰਡੀਗੜ੍ਹ/ਗੁਰਦਾਸਪੁਰ, 08 ਜੁਲਾਈ (ਬੈਂਸ/ਰੋਜ਼ਾਨਾ ਖ਼ਬਰ) ਮੁੱਖ ਮੰਤਰੀ ਭਗਵੰਤ ਮਾਨ ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਆਲੋਚਕਾਂ ਦੇ ਨਿਸ਼ਾਨੇ ’ਤੇ ਆਏ ਗਾਇਕ ਅਦਾਕਾਰ ਦਿਲਜੀਤ ਦੋਸਾਂਝ ਦੀ ਪਿੱਠ ’ਤੇ ਆ ਗਏ ਹਨ। ਮਾਨ ਨੇ ਕਿਹਾ ਕਿ ਦੋਸਾਂਝ ਨੂੰ ‘ਗੱਦਾਰ’ ਕਿਹਾ ਗਿਆ, ਪਰ ਫ਼ਿਲਮ ‘ਸਰਦਾਰ ਜੀ 3 ਪਹਿਲਗਾਮ ਦੇ ਦਹਿਸ਼ਤੀ ਹਮਲੇ ਤੋਂ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਸੀ। ਉਨ੍ਹਾਂ ਕਿਹਾ ਕਿ ਅਖੌਤੀ ਰਾਸ਼ਟਰਵਾਦੀ ਪੰਜਾਬੀਆਂ ਨੂੰ ਬੇਵਜ੍ਹਾ ਨਿਸ਼ਾਨਾ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਅਦਾਕਾਰਾ ਨੇ ਇਸ ਵਿੱਚ ਕੰਮ ਕੀਤਾ ਕਿਉਂਕਿ ਸਾਡਾ ਸੱਭਿਆਚਾਰ ਇੱਕੋ ਜਿਹਾ ਹੈ। ਉਹ ਪੰਜਾਬੀ ਬੋਲਦੇ ਹਨ ਅਤੇ ਅਸੀਂ ਵੀ ਬੋਲਦੇ ਹਾਂ।’

ਉਨ੍ਹਾਂ ਸੁਆਲ ਕੀਤਾ ਕਿ ਦਿਲਜੀਤ ਨੂੰ ‘ਗੱਦਾਰ’ ਕਿਹਾ ਜਾਂਦਾ ਸੀ ਅਤੇ ਹੁਣ ਇੱਕ ਪਾਕਿਸਤਾਨੀ ਟੀਮ ਇੱਥੇ ਖੇਡਣ ਆਵੇਗੀ, ਅਤੇ ਫਿਰ ਸਭ ਕੁਝ ਠੀਕ ਹੋ ਜਾਵੇਗਾ?’’ ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਹਫ਼ਤੇ 27 ਅਗਸਤ ਤੋਂ 7 ਸਤੰਬਰ ਤੱਕ ਬਿਹਾਰ ਦੇ ਰਾਜਗੀਰ ਵਿੱਚ ਹੋਣ ਵਾਲੇ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਵਿਚ ਪਾਕਿਸਤਾਨੀ ਟੀਮ ਦੀ ਸ਼ਮੂਲੀਅਤ ਨੂੰ ਮਨਜ਼ੂਰੀ ਦੇ ਦਿੱਤੀ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਈਰਖਾ ਕਰਨ ਵਾਲੇ ਅਖੌਤੀ ਰਾਸ਼ਟਰਵਾਦੀਆਂ ਵੱਲੋਂ ਪੰਜਾਬੀਆਂ ਨੂੰ ਬੇਲੋੜਾ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਫਿਲਮ ’ਤੇ ਬੇਲੋੜੀ ਪਾਬੰਦੀ ਲਗਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਅਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ।










