ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ – ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਜੁਲਾਈ (ਬੈਂਸ/ਰੋਜ਼ਾਨਾ ਖ਼ਬਰ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਇਤਿਹਾਸਕ ਕਦਮ ਪੁੱਟਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ। ਇਹ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਹੋਵੇਗਾ।
‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੁਣ ਪੰਜਾਬ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀ ਕਾਰਨ ਇਲਾਜ ਖੁਣੋਂ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰਕੇ ਸੂਬਾ ਵਾਸੀਆਂ ਨੂੰ ਇਕ ਪੈਸਾ ਖ਼ਰਚੇ ਬਿਨਾਂ ਸਾਰੀਆਂ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਕੋਈ ਵੀ ਨਾਗਰਿਕ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਮੁਫ਼ਤ ਇਲਾਜ ਹਾਸਲ ਕਰਵਾ ਸਕਦਾ ਹੈ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ‘ਆਪ’ ਨੇ ਹਮੇਸ਼ਾ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਉਹ ਜੀਵਨ ਵਿੱਚ ਸਫ਼ਲਤਾ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਪਹਿਲਾਂ ਇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ।











