ਨਵੀਂ ਦਿੱਲੀ, 9 ਜੁਲਾਈ (ਬੈਂਸ/ਰੋਜ਼ਾਨਾ ਖ਼ਬਰ) ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੇ ਵਿਵਾਦ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਦੀ ਵਿਚੋਲਗੀ ਵਿਚ ਪੰਜਾਬ ਅਤੇ ਹਰਿਆਣਾ ਦੀ ਸ਼ਾਮ ਸ਼ਕਤੀ ਭਵਨ ਵਿਖੇ ਸਥਿਤ ਜਲ ਸ਼ਕਤੀ ਮੰਤਰਾਲੇ ਦੇ ਮੁੱਖ ਦਫਤਰ ‘ਚ ਮੀਟਿੰਗ ਸੁ਼ਰੁ ਹੋਈ ਹੈ। ਸੁਪਰੀਮ ਕੋਰਟ ਵੱਲੋਂ 13 ਅਗਸਤ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ।
ਸੁਪਰੀਮ ਕੋਰਟ ਦੀ 13 ਅਗਸਤ ਦੀ ਸਮਾਂ ਸੀਮਾ ਤੋਂ ਪਹਿਲਾਂ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਆਰੰਭੀ ਹੈ ਅਤੇ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪੋ-ਆਪਣੇ ਮੁੱਖ ਸਕੱਤਰਾਂ ਅਤੇ ਜਲ ਸਰੋਤ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਮੌਜੂਦ ਹਨ।

ਮੀਟਿੰਗ ਤੋਂ ਪਹਿਲਾਂ ਮੰਤਰਾਲੇ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਚਕਾਰ ਪਾਣੀ ਦੀ ਵੰਡ ਦੇ ਦਹਾਕਿਆਂ ਪੁਰਾਣੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਨੂੰ ਹੱਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਨੇ ਇਸ ਸਾਲ ਮਈ ਵਿੱਚ ਫਿਰ ਪੰਜਾਬ ਅਤੇ ਹਰਿਆਣਾ ਨੂੰ ਮਾਮਲਾ ਹੱਲ ਕਰਨ ਲਈ ਕੇਂਦਰ ਨਾਲ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਸਨ। ਸੁਪਰੀਮ ਕੋਰਟ ਨੇ ਪਹਿਲਾਂ ਜਲ ਸ਼ਕਤੀ ਮੰਤਰੀ ਨੂੰ ਇਸ ਮੁੱਦੇ ਵਿੱਚ ਮੁੱਖ ਸਾਲਸ ਵਜੋਂ ਨਿਯੁਕਤ ਕੀਤਾ ਸੀ ਅਤੇ ਉਨ੍ਹਾਂ ਨੂੰ ਸਿਰਫ਼ “ਮੂਕ ਦਰਸ਼ਕ” ਬਣਨ ਦੀ ਬਜਾਏ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਸੀ।










