Share & like

ਚੰਡੀਗੜ੍ਹ, 10 ਜੁਲਾਈ (ਰੋਜ਼ਾਨਾ ਖ਼ਬਰ) ਕੁਦਰਤੀ ਊਰਜਾ ਸਬੰਧੀ ਸਮਰੱਥਾ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਮਾਰਚ 2026 ਤੱਕ ਸੂਬੇ ਅੰਦਰ 390 ਸਰਕਾਰੀ ਇਮਾਰਤਾਂ ਦੀਆਂ ਛੱਤਾਂ ਉੱਤੇ 30 ਮੈਗਾਵਾਟ ਦੀ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਸਥਾਪਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜ਼ਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖੀ ਹੈ। ਸ੍ਰੀ ਅਰੋੜਾ ਨੇ ਪੰਜਾਬ ਊਰਜਾ ਵਿਕਾਸ ਅਥਾਰਟੀ (ਪੇਡਾ) ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ।

ਸ੍ਰੀ ਅਰੋੜਾ ਨੇ ਪ੍ਰਾਜੈਕਟ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 150 ਕਰੋੜ ਰੁਪਏ ਦ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਬਿਜਲੀ ਖ਼ਰਚ ਵਿੱਚ ਸਾਲਾਨਾ 15 ਕਰੋੜ ਰੁਪਏ ਦੀ ਕਟੌਤੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਜੈਕਟ ਸ਼ੁਰੂ ਕਰਨ ਲਈ ਟੈਂਡਰ ਪ੍ਰਕ੍ਰਿਆ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਨੇ ਪਿੱਛਲੇ ਤਿੰਨ ਸਾਲਾਂ ਵਿੱਚ ਨਵਿਆਉਣ ਊਰਜਾ ਵਿੱਚ ਪ੍ਰਭਾਵਸ਼ਾਲੀ ਪ੍ਰਗਤੀ ਕੀਤੀ ਹੈ। ਜਿਸ ਤਹਿਤ 1098 ਸਰਕਾਰੀ ਇਮਾਰਤਾਂ ਦੀਆਂ ਛੱਤਾਂ ਉੱਤੇ 7.7 ਮੈਗਾਵਾਟ ਸਮਰੱਥਾ ਵਾਲੇ ਸੂਰਜੀ ਊਰਜਾ ਪਲਾਂਟ ਲਗਾਏ ਹਨ।

ਸ੍ਰੀ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਥਿਰਤਾ, ਵਾਤਾਵਰਣ ਸੰਭਾਲ ਅਤੇ ਵਿੱਤੀ ਸੂਝ ਪ੍ਰਤੀ ਦ੍ਰਿੜਤਾ ਦੁਹਰਾਉਂਦੀ ਹੈ। ਉਨ੍ਹਾਂ ਕਿਹਾ ਕਿ ਨਵਿਆਉਣਯੋਗ ਊਰਜਾ ਦੀ ਵਰਤੋਂ ਕਰਕੇ ਕਾਰਬਨ ਨੂੰ ਘਟਾਉਣਾ ਅਤੇ ਆਪਣੇ ਨਾਗਰਿਕਾਂ ਲਈ ਬਿਹਤਰ ਭਵਿੱਖ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਪਹਿਲ ਪੰਜਾਬ ਨੂੰ ਕੁਦਰਤੀ ਅਤੇ ਵਧੇਰੇ ਊਰਜਾ ਕੁਸ਼ਲ ਸੂਬਾ ਬਣਾਉਣ ਵੱਲ ਅਹਿਮ ਕਦਮ ਹੈ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੁਦਰਤੀ ਊਰਜਾ ਉਤਪਾਦਨ ਨੂੰ ਹੋਰ ਵਧਾਉਣ ਦੇ ਢੰਗ ਤਰੀਕਿਆਂ ਦੀ ਪੜਚੋਲ ਕਰਨ ਬਾਰੇ ਵੀ ਕਿਹਾ।

ਇਸ ਮੌਕੇ ਪੇਡਾ ਦੇ ਚੇਅਰਮੈਨ ਡਾ.ਸੁਖਚੈਨ ਗੋਗੀ, ਪ੍ਰਮੁੱਖ ਸਕੱਤਰ ਨਵੀਂ ਨਵਿਆਉਣਯੋਗ ਉਰਜਾ ਸਰੋਤ ਸ੍ਰੀ ਅਜੋਏ ਕੁਮਾਰ ਸਿਨਹਾ, ਸੀਈਓ ਮਿਲ ਨੀਲਿਮਾ, ਡਾਇਰੈਕਟਰ ਐਮਪੀ ਸਿੰਘ ਆਦਿ ਹਾਜ਼ਰ ਸਨ। ਜਾਣਕਾਰੀ ਦੇ ਅਨੁਸਾਰ ਪ੍ਰਾਜੈਕਟ ਤਹਿਤ ਸਿਹਤ ਤੇ ਪਰਿਵਾਰ ਭਲਾਈ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਟਰਾਂਸਪੋਰਟ, ਖੇਤੀਬਾੜੀ ਤੇ ਕਿਸਾਨ ਭਲਾਈ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਗ੍ਰਹਿ ਮਾਮਲੇ ਤੇ ਨਿਆਂ, ਮੈਡੀਕਲ ਸਿੱਖਿਆ ਅਤੇ ਖੋਜ, ਸਥਾਨਕ ਸਰਕਾਰਾਂ ਅਤੇ ਜਲ ਸਰੋਤ ਵਿਭਾਗ ਸਮੇਤ 25 ਪ੍ਰਮੁੱਖ ਵਿਭਾਗਾਂ ਦੀਆਂ ਇਮਾਰਤਾਂ ਉੱਤੇ ਸੂਰਜੀ ਊਰਜਾ ਪਲਾਂਟ ਲਗਾਏ ਜਾਣੇ ਹਨ।


Share & like

Leave a Reply