ਚੰਡੀਗੜ੍ਹ, 11 ਜੁਲਾਈ (ਬੈਂਸ/ਰੋਜ਼ਾਨਾ ਖ਼ਬਰ) ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ।
ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਦਨ ਵਿਚ ਪੇਸ਼ ਕੀਤਾ। ਸਦਨ ਨੇ ਪੰਜਾਬ ਸਰਕਾਰ ਨੂੰ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਉਣ ਲਈ ਕਿਹਾ ਹੈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਪੁਲੀਸ ਡੈਮ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਸਮਰੱਥ ਹੈ।

ਇਸ ਦੌਰਾਨ ਪੰਜਾਬ ਵਿਧਾਨ ਸਭਾ ’ਚ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਨੂੰ ਸਟੇਜ ਦੀ ਤਰ੍ਹਾਂ ਵਰਤਣ ਦਾ ਇਲਜ਼ਾਮ ਹਾਕਮ ਧਿਰ ’ਤੇ ਲਾਇਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਬਾਜਵਾ ਨੇ ਸਦਨ ਦੀ ਤੌਹੀਨ ਕੀਤੀ ਹੈ। ਉਨ੍ਹਾਂ ਇਸ ਮੁੱਦੇ ਉਤੇ ਬਾਜਵਾ ਖਿਲਾਫ਼ ਮਰਿਆਦਾ ਮਤਾ ਲਿਆਉਣ ਦੀ ਮੰਗ ਕੀਤੀ।










