ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 14 ਜੁਲਾਈ
ਕਿਸੇ ਅਣਪਛਾਤੇ ਵਿਅਕਤੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਈਮੇਲ ਮਿਲ ਭੇਜ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਅਹਿਤਿਆਤ ਵੱਜੋਂ ਸ੍ਰੀ ਹਰਿਮੰਦਰ ਸਾਹਿਬ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਬੰਬ ਨਕਾਰਾ ਦਸਤਾ ਤੇ ਸਾਬੋਤਾਜ ਵਿਰੋਧੀ ਟੀਮ ਤਾਇਨਾਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਲਈ ਸੀਨੀਅਰ ਪੁਲੀਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਹਨ। ਉਨ੍ਹਾਂ ਕਿਹਾ ਕਿ ਈ ਮੇਲ ਭੇਜਣ ਵਾਲੇ ਦਾ ਪਤਾ ਲਾਉਣ ਲਈ ਸਾਈਬਰ ਅਪਰਾਧ ਤੇ ਹੋਰਨਾਂ ਏਜੰਸੀਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਮੁੱਢਲੀ ਜਾਂਚ ਵਿੱਚ ਕਿਸੇ ਸ਼ਰਾਰਤੀ ਅਨਸਰ ਦਾ ਕੰਮ ਜਾਪਦਾ ਹੈ।

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸਿੱਖ ਸੰਸਥਾ ਦੇ ਇੰਟਰਨੈੱਟ ਸੈਕਸ਼ਨ ਵਿੱਚ ਇੱਕ ਧਮਕੀ ਭਰੀ ਈਮੇਲ ਪੁੱਜੀ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਵਿੱਚ ਬੰਬ ਹੋਣ ਦੀ ਗੱਲ ਆਖੀ ਗਈ ਹੈ ਅਤੇ ਦੁਪਹਿਰ 3 ਵਜੇ ਇਸ ਬੰਬ ਰਾਹੀਂ ਧਮਾਕਾ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਰੰਤ ਇਸ ਨੂੰ ਅਗਲੇਰੀ ਜ਼ਰੂਰੀ ਕਾਰਵਾਈ ਲਈ ਪੁਲੀਸ ਨੂੰ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਧਮਕੀ ਭਰੀ ਈਮੇਲ ਤੋਂ ਬਾਅਦ ਚੌਕਸੀ ਵੱਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਅੰਦਰ ਸੁਰੱਖਿਆ ਵਧਾ ਦਿੱਤੀ ਹੈ। ਪੁਲੀਸ ਨੇ ਬਾਹਰ ਵੀ ਵਿਆਪਕ ਪ੍ਰਬੰਧ ਕੀਤੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੇ ਅੰਦਰ ਚੱਪੇ ਚੱਪੇ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਹੈ। ਉਨ੍ਹਾਂ ਖਦਸ਼ਾ ਜਤਾਇਆ ਕਿ ਅੱਜ ਸ੍ਰੀ ਹਰਿਮੰਦਰ ਸਾਹਿਬ ਸਥਿਤ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਸਿੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਦੀ ਮੀਟਿੰਗ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੀਟਿੰਗ ਵਿੱਚ ਸ਼ਾਮਲ ਸਨ। ਹੋ ਸਕਦਾ ਹੈ ਇਸੇ ਕਾਰਨ ਹੀ ਧਮਕੀ ਦਿੱਤੀ ਗਈ ਹੋਵੇ।










