Share & like

ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 16 ਜੁਲਾਈ
ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ਾਦੀਹਰੀ ਵਿਖੇ ਦਲਿਤਾਂ ਦੇ ਤੰਬੂਆਂ ਨੂੰ ਅੱਗ ਲਾਉਣ ਅਤੇ ਫ਼ਸਲ ਬਰਬਾਦ ਕਰਨ ਦੀ ਘਟਨਾ ਉੱਤੇ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ਰਾਣਾ, ਜੋਗਿੰਦਰ ਪਾਲ ਪਨਿਆੜ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਸੁਲਤਾਨੀ, ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਰਾਜ ਬਹਿਰਾਮਪੁਰ, ਸਕੱਤਰ ਜੋਗਿੰਦਰ ਪਾਲ ਘੁਰਾਲਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਆਗੂਆਂ ਕਿਹਾ ਕਿ ਪਿੰਡ ਸ਼ਾਦੀਹਰੀ ਦੇ ਦਲਿਤਾਂ ਨਾਲ ਸ਼ਰੇਆਮ ਧੱਕਾ ਹੋਇਆ ਹੈ। ਉਨ੍ਹਾਂ ਕਿਹਾ ਕਿ ਤੰਬੂਆਂ ਨੂੰ ਅੱਗ ਅਤੇ ਫ਼ਸਲ ਬਰਬਾਦ ਕਰਨ ਦੇ ਨਾਲ ਵਿਦਿਆਰਥੀ ਆਗੂ ਲੜਕੀ ਅਤੇ ਪਿੰਡ ਸਾਦੀਹਰੀ ਦੇ ਕੁਝ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਪੇਂਡੂ ਮਜ਼ਦੂਰ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਮੇਜਰ ਸਿੰਘ ਕੋਟ ਟੋਡਰ ਮੱਲ ਨੇ ਕਿਹਾ ਕਿ ਸੰਗਰੂਰ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ 25 ਜੁਲਾਈ ਨੂੰ ਮਜ਼ਦੂਰ ਅਤੇ ਕਿਸਾਨ ਰੈਲੀ ਵਿੱਚ ਹੋਣ ਵਾਲੇ ਇਕੱਠ ਤੋਂ ਘਬਰਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਾਣ ਬੁਝ ਕੇ ਇਹੋ ਜਿਹੇ ਹਾਲਾਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੈਲੀ ਨੂੰ ਲਾਅ ਐਂਡ ਆਰਡਰ ਦੀ ਸਮੱਸਿਆ ਬਣਾ ਕੇ ਰੋਕਿਆ ਜਾ ਸਕੇ।

ਕਿਸਾਨ ਅਤੇ ਮਜ਼ਦੂਰ ਯੂਨੀਅਨ ਨੇ ਸਾਂਝੇ ਤੌਰ ਤੇ ਮੰਗ ਕੀਤੀ ਕਿ ਦਲਿਤ ਮਜ਼ਦੂਰਾਂ ਨਾਲ ਧੱਕੇਸ਼ਾਹੀ ਅਤੇ ਉਹਨ੍ਹਾਂ ਦੇ ਤੰਬੂਆਂ ਨੂੰ ਅੱਗ ਲਗਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜਥੇਬੰਦੀ ਨੇ ਮਜ਼ਦੂਰਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕੀਤਾ ਜਾਵੇ।


Share & like

1 COMMENT

Leave a Reply