ਸਰਕਾਰ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਾਉਣ ਦੀ ਅਪੀਲ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 16 ਜੁਲਾਈ
ਸ੍ਰੀ ਹਰਿਮੰਦਰ ਸਾਹਿਬ ਵਿੱਚ ਬੰਬ ਹੋਣ ਬਾਰੇ ਪੰਜਵੀਂ ਵਾਰ ਈ-ਮੇਲ ਆਈ ਹੈ। ਇਸ ਦਾ ਖੁਲਾਸਾ ਖੁਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ। ਉਨ੍ਹਾਂ ਸਰਕਾਰ ਨੂੰ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨਿਰਾਸ਼ਾ ਪ੍ਰਗਟਾਈ ਹੈ ਕਿ ਹੁਣ ਤੱਕ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਨਹੀਂ ਕੀਤੀ ਗਈ ਹੈ ਅਤੇ ਅੱਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਕਿ ਈਮੇਲ ਕਿੱਥੋਂ ਅਤੇ ਕਿਸ ਵੱਲੋਂ ਭੇਜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਆਈ ਈਮੇਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਵੀ ਨਾਲ ਐਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਸਰਕਾਰ ਨੇ ਚੁੱਪ ਧਾਰੀ ਹੋਈ ਹੈ।
ਉਨ੍ਹਾਂ ਖਦਸ਼ਾ ਜਤਾਇਆ ਕਿ ਗੁਰੂ ਘਰ ਵਿੱਚ ਸੰਗਤਾਂ ਦੀ ਆਮਦ ਨੂੰ ਪ੍ਰਭਾਵਿਤ ਕਰਨ ਲਈ ਸੰਗਤ ਨੂੰ ਭੈਭੀਤ ਕਰਨ ਅਤੇ ਡਰਾਉਣ ਦੀ ਸਾਜਿਸ਼ ਵੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਗੁਰੂ ਘਰ ਵਿਖੇ ਨਤਮਸਤਕ ਹੋਣ ਪੁੱਜਦੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ‘ਤੇ ਵੀ ਇਹ ਆ ਰਹੀਆਂ ਈਮੇਲ ਦਾ ਸਰੋਤ ਪਤਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਈਮੇਲ ਵੱਖ ਵੱਖ ਜਾਅਲੀ ਆਈਪੀ ਐਡਰੈਸ ਤੋਂ ਭੇਜੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਪੱਧਰ ‘ਤੇ ਸੁਰੱਖਿਆ ਦੇ ਮੱਦੇ ਨਜ਼ਰ ਲੋੜੀਦੇ ਇੰਤਜ਼ਾਮ ਕੀਤੇ ਗਏ ਹਨ ਅਤੇ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮਾਨ ਦੀ ਜਾਂਚ ਕਰਨ ਵਾਲੇ ਸਕੈਨਰ ਸਥਾਪਿਤ ਕਰਨ ਦੀ ਯੋਜਨਾ ਬਣਾਈ ਜਾ ਰਹੀ।











