Share & like

ਪਿੰਡ ਵਾਸੀਆਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ।

ਇਹ ਦਾਅਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਲੇਵਾਲ, ਅਲਾਵਲਵਾਲ, ਕੋਟ ਮੌਲਵੀ, ਵੀਰਾਨ ਕੋਟਲੀ, ਪਰਾਚਾ, ਪੱਬਾਂਰਾਲੀ ਖੁਰਦ, ਹਕੀਮਬੇਗ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ `ਤੇ ਖਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ` ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਜਾ ਰਿਹਾ ਹੈ।

ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਧਿਆਨ ਵਿੱਚ ਆਉਂਦਾ ਹੈ ਤਾਂ ਪੁਲੀਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦੇਣ ਸਰਕਾਰ ਵੱਲੋਂ ਉਸਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁੜਾਇਆ ਜਾਵੇਗਾ ਅਤੇ ਨਾਲ ਹੀ ਉਸਦਾ ਪੁਨਰਵਾਸ ਵੀ ਕੀਤਾ ਜਾਵੇਗਾ।

ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਮੱਗਰੀ ਵੰਡੀ ਗਈ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।
ਇਸ ਮੌਕੇ ਡੀਐੱਸਪੀ ਜੋਗਾ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।


Share & like

Leave a Reply