Share & like

ਸੁਖਬੀਰ ਵੱਲੋਂ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਦੀ ਅਪੀਲ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਤਰਨਤਾਰਨ, 20 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਬਾਦਲ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵਾਂ ਪਾਰਟੀਆਂ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ।
ਸ੍ਰੀ ਬਾਦਲ ਪਾਰਟੀ ਦੇ ਪਹਿਲੇ ਪ੍ਰਧਾਨ ਸਰਮੁੱਖ ਸਿੰਘ ਝਬਾਲ ਦੇ ਜੱਦੀ ਪਿੰਡ ਝਬਾਲ ਦੀ ਦਾਣਾ ਮੰਡੀ ’ਚ ਪਾਰਟੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਹਲਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਤਰਨਤਾਰਨ ਸੀਟ ਖਾਲੀ ਹੋ ਗਈ ਸੀ ਜਿਸ ਲਈ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ।

ਹਲਕੇ ਅੰਦਰ ‘ਆਜ਼ਾਦ ਗਰੁੱਪ’ ਦੇ ਨਾਂ ’ਤੇ ਸਿਆਸੀ ਗਤੀਵਿਧੀਆਂ ਕਰਦੇ ਆ ਰਹੇ ਗਰੁੱਪ ਵੱਲੋਂ ਬੀਬੀ ਸੁਖਵਿੰਦਰ ਕੌਰ ਨੂੰ ਕੁਝ ਦਿਨ ਪਹਿਲਾਂ ਹੀ ਆਪਣਾ ਆਗੂ ਚੁਣਿਆ ਗਿਆ ਸੀ, ਜਿਨ੍ਹਾਂ ਨੂੰ ਅੱਜ ਪਹਿਲਾਂ ਸੁਖਬੀਰ ਬਾਦਲ ਨੇ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਅਤੇ ਬਾਅਦ ਵਿੱਚ ਉਮੀਦਵਾਰ ਵੀ ਐਲਾਨ ਦਿੱਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸਾਜ਼ਿਸ਼ ਤਹਿਤ ਵਿਰੋਧੀ ਪਾਰਟੀਆਂ ਨੇ ਸੋਸ਼ਲ ਮੀਡੀਆ ਰਾਹੀਂ ਅਕਾਲੀ ਦਲ ਨੂੰ ਬਦਨਾਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੂਬੇ ਦੇ ਕਿਸਾਨ ਨੂੰ ਲੁੱਟਣ ਲਈ ਚੰਡੀਗੜ੍ਹ, ਲੁਧਿਆਣਾ ਅਤੇ ਤਰਨ ਤਾਰਨ ਦੀ ਜ਼ਮੀਨ ਪੂਲਿੰਗ ਕੀਤੀ ਜਾ ਰਹੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਨਹੀਂ,ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਆਪਣੇ ਹਿੱਤਾਂ ਦੀ ਰਾਖੀ ਲਈ ਖੇਤਰੀ ਪਾਰਟੀ ਨੂੰ ਸਫ਼ਲ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਇਕਬਾਲ ਸਿੰਘ ਸੰਧੂ, ਗੁਰਬਚਨ ਸਿੰਘ ਕਰਮੂੰਵਾਲਾ, ਗੌਰਵ ਵਲਟੋਹਾ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਖਾਪਰਖੇੜੀ, ਸੁਰਜੀਤ ਸਿੰਘ ਪਹਿਲਵਾਨ, ਰਾਜਵਿੰਦਰ ਸਿੰਘ, ਰਣਬੀਰ ਸਿੰਘ ਰਾਣਾ ਲੋਪੋਕੇ ਅਤੇ ਗੁਰਸੇਵਕ ਸਿੰਘ ਸ਼ੇਖ ਨੇ ਵੀ ਸੰਬੋਧਨ ਕੀਤਾ|


Share & like

Leave a Reply