Share & like

ਲਾਇਬ੍ਰੇਰੀ ਦੀ ਦੋ ਮੰਜ਼ਿਲਾ ਇਮਾਰਤ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਧੂਰੀ (ਸੰਗਰੂਰ), 20 ਜੁਲਾਈ
ਨੌਜਵਾਨਾਂ ਵਿੱਚ ਪੜ੍ਹਨ ਪ੍ਰਤੀ ਰੁਚੀਆਂ ਪੈਦਾ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਵੱਲੋਂ ਧੂਰੀ ਵਿਖੇ 1.59 ਕਰੋੜ ਰੁਪਏ ਦੀ ਲਾਗਤ ਨਵੀਂ ਬਣੀ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ। ਲਾਇਬ੍ਰੇਰੀ ਦੀ ਦੋ ਮੰਜ਼ਿਲਾ ਇਮਾਰਤ ਦਾ ਨਿਰਮਾਣ 3,710 ਵਰਗ ਫੁੱਟ ਵਿੱਚ ਕਰਵਾਇਆ ਗਿਆ ਹੈ ਅਤੇ ਵਾਈ-ਫਾਈ, ਸੂਰਜੀ ਊਰਜਾ ਡਿਜੀਟਲ ਐਨਾਲਾਗ ਅਤੇ ਹੋਰ ਉੱਚ ਪੱਧਰੀ ਸਹੂਲਤਾਂ ਨਾਲ ਲੈਸ ਕੀਤਾ ਹੈ।

ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਅੱਜ ਇੱਥੇ 1.59 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਜਨਤਕ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਮਾਣ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਨੇ ਕਿਹਾ ਕਿ ਇਸ ਲਾਇਬ੍ਰੇਰੀ ਵਿੱਚ ਸਮਕਾਲੀ ਸਾਹਿਤ ਅਤੇ ਪਾਠਕ੍ਰਮ ਦੀਆਂ ਪੁਸਤਕਾਂ ਤੇ ਵਿਸ਼ਵ ਪੱਧਰੀ ਪੁਸਤਕਾਂ ਮੁਹੱਈਆ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਗਿਆਨ ਅਤੇ ਸਾਹਿਤ ਦਾ ਅਸਲ ਭੰਡਾਰ ਹਨ ਅਤੇ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਅਤਿ-ਆਧੁਨਿਕ ਲਾਇਬ੍ਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ‘ਤੇ ਕੀਮਤੀ ਕਿਤਾਬਾਂ ਹਨ, ਜੋ ਪੁਸਤਕ ਪ੍ਰੇਮੀਆਂ ਨੂੰ ਆਕਰਸ਼ਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੇਂਡੂ ਖੇਤਰਾਂ ਵਿੱਚ ਸਿੱਖਿਆ, ਸਾਖਰਤਾ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਵੱਲ ਵੱਡਾ ਕਦਮ ਹੈ।

ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਜਨਤਕ ਲਾਇਬ੍ਰੇਰੀਆਂ ਗਿਆਨ ਦੇ ਚਾਨਣ ਮੁਨਾਰੇ ਸਾਬਤ ਹੋ ਰਹੀਆਂ ਹਨ ਅਤੇ ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਹਰ ਨਾਗਰਿਕ ਇਨ੍ਹਾਂ ਤੋਂ ਲਾਭ ਉਠਾ ਸਕੇ।
ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਵਿੱਚ ਪੜ੍ਹਨ ਦੀਆਂ ਰੁਚੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਅਕਾਦਮਿਕ ਅਤੇ ਨਿੱਜੀ ਵਿਕਾਸ ਵਿੱਚ ਯੋਗਦਾਨ ਪਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਕਮਿਊਨਿਟੀ ਹੱਬ ਵਜੋਂ ਕੰਮ ਕਰਦੀਆਂ ਹਨ, ਜਿੱਥੇ ਸਿੱਖਣ, ਸੰਵਾਦ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਲਈ ਅਨੁਕੂਲ ਵਾਤਾਵਰਣ ਮੁਹੱਈਆ ਕੀਤਾ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਵਿਧਾਨ ਸਭਾ ਹਲਕੇ ਵਿੱਚ ਆਧੁਨਿਕ ਲਾਇਬ੍ਰੇਰੀਆਂ ਸਥਾਪਤ ਕਰਨ ਦੀ ਯੋਜਨਾ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਡਿਜੀਟਲ ਤੌਰ ‘ਤੇ ਆਪਸ ਵਿੱਚ ਜੁੜੀਆਂ ਹੋਈਆਂ ਹਨ ਅਤੇ ਹਾਈ-ਸਪੀਡ ਇੰਟਰਨੈੱਟ ਨਾਲ ਲੈਸ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੇ ਅਕਾਦਮਿਕ ਅਤੇ ਕਰੀਅਰ ਵਿੱਚ ਸਹਾਇਤਾ ਕਰਨ ਲਈ ਇਨ੍ਹਾਂ ਲਾਇਬ੍ਰੇਰੀਆਂ ਵਿੱਚ ਸਿਖਲਾਈ ਪ੍ਰਾਪਤ ਲਾਇਬ੍ਰੇਰੀਅਨ ਉਪਲਬਧ ਹਨ। ਉਨ੍ਹਾਂ ਨੇ ਵਿਦਿਆਰਥੀਆਂ, ਮਾਪਿਆਂ ਅਤੇ ਭਾਈਚਾਰੇ ਦੇ ਮੈਂਬਰਾਂ ਨੂੰ ਸਿੱਖਣ, ਖੋਜ ਅਤੇ ਸਵੈ-ਵਿਕਾਸ ਲਈ ਲਾਇਬ੍ਰੇਰੀਆਂ ਦੀ ਸਰਗਰਮੀ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ ਹੈ।


Share & like

Leave a Reply