ਜਤਿੰਦਰ ਬੈਂਸ
ਗੁਰਦਾਸਪੁਰ, 21 ਜੁਲਾਈ
ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ (ਇਫਟੂ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਥਾਨਕ ਅਮਰੀਕ ਸਿੰਘ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਆਗੂ ਸੁਖਦੇਵ ਰਾਜ ਬਹਿਰਾਮਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਇਫਟੂ ਦੇ ਸੂਬਾਈ ਆਗੂ ਕਾਮਰੇਡ ਰਮੇਸ਼ ਰਾਣਾਂ, ਜੋਗਿੰਦਰ ਪਾਲ ਪਨਿਆੜ, ਕਮਲ਼ ਕਿਸ਼ੋਰ ਅਤੇ ਜੋਗਿੰਦਰ ਪਾਲ ਘੁਰਾਲਾ ਨੇ ਦੱਸਿਆ ਕਿ ਸੰਗਰੂਰ ਵਿਖੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂਆਂ ਉੱਤੇ ਪਾਏ ਝੂਠੇ ਕੇਸ ਰੱਦ ਕਰਨ ਅਤੇ ਉਹਨਾਂ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ 25 ਜੁਲਾਈ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਵਿੱਚ ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ (ਇਫਟੂ) ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਏਗੀ।
ਆਗੂਆਂ ਦੱਸਿਆ ਕਿ 20 ਮਈ ਨੂੰ ਸੰਗਰੂਰ ਵਿਖੇ ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਬੇਗਮਪੁਰਾ ਸ਼ਹਿਰ ਵਸਾਉਣ ਜਾਂਦੇ ਦਲਿਤਾਂ ਅਤੇ ਬੇਜ਼ਮੀਨੇ ਲੋਕਾਂ ਨੂੰ ਝੂਠੇ ਕੇਸ ਦਰਜ਼ ਕਰਕੇ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਰੋਸ ਪ੍ਰਦਰਸ਼ਨ ਕਰਨ ਤੇ ਅਣ-ਐਲਾਨੀ ਪਬੰਦੀ ਲਗਾ ਕੇ ਦਰਜਨਾਂ ਕਿਰਤੀਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਗਿਆ ਹੈ। ਆਗੂਆਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਨਾਲੋਂ ਵੱਧ ਜ਼ਬਰ ਅਤੇ ਫਾਸ਼ੀ ਰੂਪ ਦਰਸਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਪੁਲੀਸ ਨੂੰ ਵੱਧ ਅਧਿਕਾਰ ਦਿੱਤੇ ਗਏ ਹਨ। ਝੂਠੇ ਇਨਕਾਉਂਟਰ ਕੀਤੇ ਜਾ ਰਹੇ ਹਨ। ਹਿਰਾਸਤੀ ਮੌਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਸੰਘਰਸ਼ ਕਰ ਰਹੇ ਲੋਕਾਂ ਨੂੰ ਜੇਲਾਂ ਵਿੱਚ ਸੁੱਟਿਆ ਜਾ ਰਿਹਾ ਹੈ ਅਤੇ ਉਹਨਾਂ ਉੱਪਰ ਝੂਠੇ ਪਰਚੇ ਦਰਜ਼ ਕੀਤੇ ਜਾ ਰਹੇ ਹਨ। ਮਜ਼ਦੂਰ ਆਗੂਆਂ ਕਿਹਾ ਕਿ ਲੋਕਤੰਤਰ ਵਿੱਚ ਇਹ ਬਰਦਾਸ਼ਤ ਯੋਗ ਨਹੀਂ ਹੈ। ਇਸਲਈ ਪੰਜਾਬ ਸਰਕਾਰ ਦੀਆਂ ਇਹਨਾਂ ਜਬਰ ਨੀਤੀਆਂ ਦੇ ਵਿਰੁੱਧ 25 ਜੁਲਾਈ ਨੂੰ ਹੋਣ ਵਾਲੀ ਸੂਬਾ ਪੱਧਰੀ ਵਿਸ਼ਾਲ ਰੈਲੀ ਅਤੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਜੱਥੇਬੰਦੀ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਜਾਵੇਗਾ। ਆਗੂਆਂ ਕਿਹਾ ਕਿ ਲੈਂਡ ਪੂਲਿਗ ਸਕੀਮ ਦਾ ਵਿਰੋਧ ਕਰਨ ਦਾ ਫੈਸਲਾ ਵੀ ਲਿਆ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਰਾਜ, ਜੋਤੀ ਲਾਲ, ਸੰਦੀਪ ਕੁਮਾਰ, ਗੁਰਮੀਤ ਸਿੰਘ,ਰਾਜੂ,ਬੋਧ ਰਾਜ, ਕਸ਼ਮੀਰ ਸਿੰਘ, ਰਮੇਸ਼ ਕੁਮਾਰ,ਨਿਸ਼ਾਨ ਸਿੰਘ, ਕੁਲਦੀਪ ਸਿੰਘ ਅਤੇ ਬਲਦੇਵ ਰਾਜ ਹਾਜ਼ਰ ਸਨ।











