ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ 31.30 ਕਰੋੜ ਰੁਪਏ ਦੀ ਗਰਾਂਟਾਂ ਵੰਡੀਆਂ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਧੂਰੀ (ਸੰਗਰੂਰ), 21 ਜੁਲਾਈ
ਲੈਂਡ ਪੂਲਿੰਗ ਸਕੀਮ ਨੂੰ ਕਿਸਾਨ ਪੱਖੀ ਤੇ ਵਿਕਾਸ ਮੁਖੀ ਐਲਾਣਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰਾਂ ਦੀ ਅਲੋਚਨਾ ਕਰਦਿਆਂ ਸੂਬੇ ਦੇ ਲੋਕਾਂ ਨੂੰ ਗੁੰਮਰਾਹਕੁੰਨ ਪ੍ਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਧੂਰੀ ਵਿਧਾਨ ਸਭਾ ਹਲਕੇ ਦੇ 70 ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 31.30 ਕਰੋੜ ਰੁਪਏ ਦੀਆਂ ਗਰਾਂਟਾਂ ਵੰਡਣ ਮੌਕੇ ਆਯੋਜਿਤ ਸਮਾਰੋਹ ਨੂੰ ਮੁੱਖ ਮੰਤਰੀ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਵਿਰੋਧੀ ਆਪਣੇ ਸਿਆਸੀ ਹਿੱਤਾਂ ਲਈ ਸਕੀਮ ਬਾਰੇ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਜਬਰੀ ਐਕੁਆਇਰ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਲੈਂਡ ਪੂਲਿੰਗ ਸਕੀਮ ਦਾ ਮੰਤਵ ਕਿਸਾਨਾਂ ਲਈ ਆਮਦਨ ਦੇ ਸਥਾਈ ਸਰੋਤ ਪੈਦਾ ਕਰਕੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ।
ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਤਹਿਤ ਬਣਨ ਵਾਲੀਆਂ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਸਕੀਮ ਦਾ ਮੰਤਵ ਸੂਬੇ ਦੀ ਸਮੁੱਚੀ ਤਰੱਕੀ ਨੂੰ ਰਫ਼ਤਾਰ ਦੇਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇ ਕੇ ਹਰੇਕ ਆਮ ਆਦਮੀ ਨੂੰ ਲਾਭ ਪਹੁੰਚਾਏਗੀ। ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਸਕੀਮ ਨੂੰ ਸੂਬੇ ਦੇ ਮੱਥੇ ਉੱਤੇ ਲੱਗਿਆ ਦਾਗ ਧੋਣ ਲਈ ਪ੍ਰੇਰਕ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਉਂਦਿਆਂ ਕਿਹਾ ਕਿ ਇਸ ਸਕੀਮ ਤਹਿਤ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ਾ ਸਪਲਾਈ ਦਾ ਲੱਕ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਹਲਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਚਾਇਤਾਂ ਨੂੰ ਮਿਲੇ ਪੈਸੇ ਦੀ ਵਰਤੋਂ ਸੋਚ-ਸਮਝ ਕੇ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਪੈਸਾ ਜਾਰੀ ਕਰਨ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਨੂੰ ਰਫ਼ਤਾਰ ਦੇਣ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਫੰਡ ਸਿਰਫ਼ ਕਾਗਜ਼ਾਂ ਵਿੱਚ ਦਿੱਤੇ ਜਾਂਦੇ ਸਨ, ਜਿਸ ਕਾਰਨ ਕੰਮ ਵੀ ਸਿਰਫ਼ ਕਾਗਜ਼ਾਂ ਵਿੱਚ ਹੀ ਹੁੰਦੇ ਸਨ। ਕਿਹਾ ਕਿ ਹੁਣ ਧੂਰੀ ਹਲਕੇ ਦੇ ਸਾਰੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਜੋਂ ਵਿਕਸਤ ਕੀਤਾ ਜਾਵੇਗਾ।











