Share & like

ਮੁੱਖ ਮੰਤਰੀ ਹੋਏ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ, ਐੱਸਜੀਪੀਸੀ ਪ੍ਰਧਾਨ ਨਾਲ ਕੀਤੀ ਚਰਚਾ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 22 ਜੁਲਾਈ
ਸ੍ਰੀ ਹਰਿਮੰਦਰ ਸਾਹਿਬ ਨੂੰ ਬੰਬ ਦੀ ਧਮਕੀ ਵਾਲੇ ਈਮੇਲ ਭੇਜਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਧਮਕੀਆਂ ਦੇਣ ਦੇ ਮਾਮਲੇ ਵਿੱਚ ਪੁਲੀਸ ਇਹਨਾਂ ਵਿਅਕਤੀਆਂ ਦੇ ਨੇੜੇ ਪੁੱਜ ਚੁੱਕੀ ਹੈ ਅਤੇ ਜਲਦ ਹੀ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹ ਗੱਲ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਿਲ ਕੇ ਇਸ ਮਾਮਲੇ ਸਬੰਧੀ ਚਰਚਾ ਵੀ ਕੀਤੀ।

ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਇੱਕ ਸੰਵੇਦਨਸ਼ੀਲ ਅਤੇ ਹਾਈ ਸਿਕਿਉਰਟੀ ਨਾਲ ਜੁੜਿਆ ਮਾਮਲਾ ਹੈ। ਇਸਲਈ ਉਹ ਇਸ ਮਾਮਲੇ ਵਿੱਚ ਵਧੇਰੇ ਖੁਲਾਸੇ ਨਹੀਂ ਕਰ ਸਕਦੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਾਈਬਰ ਮੰਚ ਤੋਂ ਧਮਕੀਆਂ ਦੇਣ ਵਾਲਿਆਂ ਦੇ ਆਈਪੀ ਐਡਰੈਸ ਪਤਾ ਕੀਤੇ ਜਾ ਰਹੇ ਹਨ ਅਤੇ ਜਿਵੇਂ ਹੀ ਇਹ ਆਈਪੀ ਐਡਰੈਸ ਮਿਲਦੇ ਹਨ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਧਮਕੀਆਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।


Share & like

Leave a Reply