28 ਜੁਲਾਈ ਨੂੰ ਮੁਹਾਲੀ ਅਤੇ 4 ਅਗਸਤ ਨੂੰ ਬਠਿੰਡਾ ਵਿਚ ਧਰਨੇ ਦੇਣ ਦਾ ਐਲਾਨ
ਰੋਜ਼ਾਨਾ ਖ਼ਬਰ
ਲੁਧਿਆਣਾ, 22 ਜੁਲਾਈ
ਜ਼ਮੀਨ ਐਕਵਾਇਰ ਕਰਨ ਦੇ ਵਿਰੁੱਧ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ। ਭਾਰੀ ਬਾਰਿਸ਼ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਅਕਾਲੀ ਵਰਕਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੰਬੋਧਨ ਕਰਦਿਆਂ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਵੱਲੋਂ ਜ਼ਬਰੀ ਐਕਵਾਇਰ ਕੀਤੀ ਜਾ ਰਹੀ 40 ਹਜ਼ਾਰ ਏਕੜ ਜ਼ਮੀਨ ਤੋਂ ਪ੍ਰਭਾਵਤ ਪੰਚਾਇਤਾਂ ਜ਼ਮੀਨ ਐਕਵਾਇਰ ਕਰਨ ਲਈ ਸਹਿਮਤੀ ਦੇਣ ਤੋਂ ਇਨਕਾਰ ਦੇ ਮਤੇ ਪਾਸ ਕਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਚ ਇਕ ਇੰਚ ਵੀ ਜ਼ਮੀਨ ਐਕਵਾਇਰ ਨਹੀਂ ਕਰਨ ਦੇਵੇਗਾ। ਉਨ੍ਹਾਂ
ਮੰਗ ਕੀਤੀ ਕਿ 40 ਹਜ਼ਾਰ ਏਕੜ ਜ਼ਮੀਨ ਐਕਵਾਇਰ ਕਰਨ ਦੀ ਇਹ ਯੋਜਨਾ ਰੱਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਹਾ ਕਿ ਸਕੀਮ ਦਾ ਵਿਰੋਧ ਕਰਨ ਲਈ 28 ਜੁਲਾਈ ਨੂੰ ਮੁਹਾਲੀ ਅਤੇ 4 ਅਗਸਤ ਨੂੰ ਬਠਿੰਡਾ ਵਿਚ ਵੀ ਧਰਨੇ ਦਿੱਤੇ ਜਾਣਗੇ।
ਸ੍ਰੀ ਬਾਦਲ ਨੇ ਕਿਹਾ ਕਿ ਇਸ ਸਕੀਮ ਦੇ ਪਿੱਛੇ ਅਰਵਿੰਦ ਕੇਜਰੀਵਾਲ ਹੈ ਜਿਸਨੇ ਦਿੱਲੀ ਦੇ ਬਿਲਡਰਾਂ ਨਾਲ ਵਾਅਦਾ ਕੀਤਾ ਹੈ ਕਿ ਉਹਨਾਂ ਦੀ ਇੱਛਾ ਮੁਤਾਬਕ ਪੰਜਾਬ ਵਿਚ ਜ਼ਮੀਨ ਐਕਵਾਇਰ ਕਰ ਕੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ
ਆਪ ਸਰਕਾਰ 40 ਹਜ਼ਾਰ ਏਕੜ ਜ਼ਮੀਨ ਐਕਵਾਇਰ ਕਰਨਾ ਚਾਹੁੰਦੀ ਹੈ ਜਿਸ ਵਿਚੋਂ ਇਕੱਲਿਆਂ ਲੁਧਿਆਣਾ ਵਿਚ 24 ਹਜ਼ਾਰ ਏਕੜ ਜ਼ਮੀਨ ਐਕਵਾਇਰ ਕੀਤੀ ਜਾਣੀ ਹੈ।
ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿਚ ਇਸ ਨੀਤੀ ਨੂੰ ਸਹੀ ਠਹਿਰਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਨੀਤੀ ਕਿਸਾਨਾਂ ਦੀ ਭਲਾਈ ਨੂੰ ਧਿਆਨ ਵਿਚ ਰੱਖ ਕੇ ਬਣਾਈ ਗਈ ਹੈ ਤਾਂ ਮੁੱਖ ਮੰਤਰੀ ਦੱਸਣ ਕਿ ਉਹਨਾਂ ਨੇ ਇਸ ’ਤੇ ਹਸਤਾਖ਼ਰ ਕਰਨ ਤੋਂ ਨਾਂਹ ਕਿਉਂ ਕੀਤੀ ਅਤੇ ਆਪ ਦੀ ਦਿੱਲੀ ਲੀਡਰਸ਼ਿਪ ਨੂੰ ਮਜਬੂਰ ਕਿਉਂ ਕੀਤਾ ਕਿ ਉਹ ਉਹਨਾਂ ਦੀ ਥਾਂ ਮੁੱਖ ਸਕੱਤਰ ਨੂੰ ਸਾਰੀਆਂ ਵਿਕਾਸ ਅਥਾਰਟੀਆਂ ਦਾ ਚੇਅਰਮੈਨ ਨਿਯੁਕਤ ਕਰੇ।
ਸ੍ਰੀ ਬਾਦਲ ਨੇ 2015 ਦੀਆਂ ਬੇਅਦਬੀ ਘਟਨਾਵਾਂ ਦਾ ਜ਼ਿਕਰ ਕਰਦੇ ਕਿਹਾ ਕਿ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ 2014 ਵਿਚ ਆਮ ਆਦਮੀ ਪਾਰਟੀ ਦੀ ਪੰਜਾਬ ਵਿਚ ਆਮਦ ਤੋਂ ਬਾਅਦ ਸ਼ੁਰੂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਨੂੰ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਆਪ ਤੇ ਕਾਂਗਰਸ ਦੋਵਾਂ ਨੇ ਵਰਤਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਡਰ ਸੀ 2017 ਵਿਚ ਅਕਾਲੀ ਦਲ ਫਿਰ ਤੋਂ ਤੀਜੀ ਵਾਰ ਚੋਣਾਂ ਜਿੱਤ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਬੇਹੱਦ ਸੰਵੇਦਨਸ਼ੀਲ ਮੁੱਦੇ ’ਤੇ ਆਪ ਅਤੇ ਕਾਂਗਰਸ ਦੋਵੇਂ ਰਾਜਨੀਤੀ ਕਰਦੀਆਂ ਆ ਰਹੀਆਂ ਹਨ ਅਤੇ ਦੋਸ਼ੀ ਆਜ਼ਾਦ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਮੋਗਾ ਤੇ ਮਾਲੇਰਕੋਟਲਾ ਬੇਅਦਬੀ ਮਾਮਲਿਆਂ ਦੀ ਮੁਕੰਮਲ ਜਾਂਚ ਕਰਵਾਈ ਤੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਇਕ ਵਾਰ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਕੇਸ ਦੀ ਤਹਿ ਤੱਕ ਜਾਂਚ ਕਰਵਾਵਾਂਗੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਵਾਂਗੇ।
ਇਸ ਮੌਕੇ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਐਨ ਕੇ ਸ਼ਰਮਾ, ਸ਼ਰਨਜੀਤ ਸਿੰਘ ਢਿੱਲੋਂ, ਰਣਜੀਤ ਸਿੰਘ ਢਿੱਲੋਂ, ਭੁਪਿੰਦਰ ਸਿੰਘ ਭਿੰਦ ਆਦਿ ਹਾਜ਼ਰ ਸਨ।











