Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 24 ਜੁਲਾਈ
ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਨੇੜੇ ਪਿੰਡ ਲਹਿਰਾ ਨਾਲ ਸਬੰਧਿਤ 26 ਸਾਲਾ ਨੌਜਵਾਨ ਧਰਮਬੀਰ ਪੁੱਤਰ ਮੇਜਰ ਰਾਮ ਦੀ ਮ੍ਰਿਤਕ ਦੇਹ ਅੱਜ ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚੀ।

ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸਪੀ ਸਿੰਘ ਓਬਰਾਏ ਨੇ ਦੱਸਿਆ ਕਿ ਧਰਮਬੀਰ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਕਰੀਬ ਪਿਛਲੇ 5 ਸਾਲਾਂ ਤੋਂ ਦੁਬਈ ਵਿਖੇ ਮਿਹਨਤ-ਮਜ਼ਦੂਰੀ ਕਰ ਰਿਹਾ ਸੀ।
ਅਚਾਨਕ ਸਿਹਤ ਖਰਾਬ ਹੋਣ ਉਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿਥੇ ਦਿਲ ਦਾ ਦੌਰਾ ਪੈਣ ਕਾਰਨ ਬੀਤੀ 17 ਜੁਲਾਈ ਨੂੰ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਦੇਹ ਪੀੜਤ ਪਰਿਵਾਰ ਦੀ ਹਾਜ਼ਰੀ ‘ਚ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਜਨਰਲ ਸਕੱਤਰ ਮਨਪ੍ਰੀਤ ਸੰਧੂ ਚਮਿਆਰੀ ਅਤੇ ਜਗਦੇਵ ਸਿੰਘ ਛੀਨਾ ਵਲੋਂ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਉਸ ਦੇ ਘਰ ਤੱਕ ਭੇਜੀ ਗਈ ਹੈ।

ਉਨ੍ਹਾਂ ਦੱਸਿਆ ਕਿ ਧਰਮਬੀਰ ਦੀ ਮ੍ਰਿਤਕ ਦੇਹ ਭੇਜਣ ‘ਤੇ ਆਇਆ ਖਰਚ ਆਦਿ ਉਸ ਦੀ ਕੰਮ ਵਾਲੀ ਕੰਪਨੀ ਵਲੋਂ ਕੀਤਾ ਗਿਆ ਹੈ। ਡਾ. ਉਬਰਾਏ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਹੁਸ਼ਿਆਰਪੁਰ ਜ਼ਿਲ੍ਹਾ ਟੀਮ ਵਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਧਰਮਬੀਰ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਵੀ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਡਾ. ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 419 ਦੇ ਕਰੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਿਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ ਅਤੇ ਪਿਛਲੇ ਕੁਝ ਅਰਸੇ ਤੋਂ ਹਵਾਈ ਅੱਡਾ ਅੰਮ੍ਰਿਤਸਰ ਤੋਂ ਮ੍ਰਿਤਕ ਸਰੀਰ ਘਰਾਂ ਤੱਕ ਪਹੁੰਚਾਉਣ ਲਈ ਮੁਫ਼ਤ ਐਂਬੂਲੈਂਸ ਸੇਵਾ ਵੀ ਸ਼ੁਰੂ ਕੀਤੀ ਗਈ ਹੈ।

ਮ੍ਰਿਤਕ ਦੇ ਫੁੱਫੜ ਜਸਪਾਲ ਸਿੰਘ, ਚਾਚਾ ਲੇਖਰਾਜ, ਚਾਚਾ ਸੰਦੀਪ ਕੁਮਾਰ, ਚਾਚਾ ਚਰਨਜੀਤ ਸਿੰਘ, ਮਾਮਾ ਬੁੱਧ ਰਾਮ ਅਤੇ ਭਰਾ ਬਲਜਿੰਦਰ ਸਿੰਘ ਆਦਿ ਨੇ ਡਾ.ਐੱਸ.ਪੀ. ਸਿੰਘ ਉਬਰਾਏ ਦਾ ਇਸ ਔਖੀ ਘੜੀ ਵੇਲੇ ਮਦਦ ਕਰਨ ਲਈ ਧੰਨਵਾਦ ਕੀਤਾ ਹੈ। 


Share & like

Leave a Reply