Share & like

ਉਮੀਦ ਬਜ਼ਾਰ ਦੌਰਾਨ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨਾਂ ਵੱਲੋਂ ਆਪਣੇ ਉਤਪਾਦਾਂ ਦੇ ਸਟਾਲ ਲਗਾਏ ਜਾਣਗੇ – ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਉਮੀਦ ਬਜ਼ਾਰ ਦੌਰਾਨ ਸਮਾਨ ਖ਼ਰੀਦਣ ਦੀ ਅਪੀਲ ਕੀਤੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 28 ਜੁਲਾਈ
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹੇ ਦੇ ਪੇਂਡੂ ਤੇ ਸ਼ਹਿਰੀ ਖੇਤਰ ਦੇ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਤਿਆਰ ਕੀਤੀਆਂ ਵਸਤਾਂ ਵੇਚਣ ਲਈ ਪਲੇਟਫ਼ਾਰਮ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 2 ਅਤੇ 3 ਅਗਸਤ (ਸ਼ਨੀਵਾਰ ਤੇ ਐਤਵਾਰ) ਨੂੰ ਸ਼ਹਿਰ ਦੇ ਪੁਰਾਣੇ ਮੁੱਖ ਬੱਸ ਅੱਡਾ ਵਿਖੇ ‘ਉਮੀਦ ਬਜ਼ਾਰ’ ਲਗਾਇਆ ਜਾ ਰਿਹਾ ਹੈ। ਉਮੀਦ ਬਜ਼ਾਰ ਵਿੱਚ ਜਿੱਥੇ ਸਵੈ ਸਹਾਇਤਾ ਨਾਲ ਜੁੜੀਆਂ ਮਹਿਲਾਵਾਂ ਆਪਣੇ ਉਤਪਾਦ ਵਾਜਬ ਭਾਅ ਉੱਪਰ ਵੇਚ ਸਕਣਗੀਆਂ ਓਥੇ ਹੀ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਵੀ ਵਿਸ਼ੇਸ਼ ਸਟਾਲ ਲਗਾ ਕੇ ਆਪਣੇ ਖੇਤੀ ਉਤਪਾਦ ਵੇਚ ਸਕਣਗੇ।

ਫੋਟੋ ਕੈਪਸ਼ਨ:ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਐੱਸਡੀਐੱਮ ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ। ਫੋਟੋ: ਬੈਂਸ

‘ਉਮੀਦ ਬਜ਼ਾਰ’ ਦੀਆਂ ਤਿਆਰੀਆਂ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਐੱਸਡੀਐੱਮ ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕੀਤਾ ਗਿਆ। ਉਮੀਦ ਬਾਜ਼ਾਰ ਨੂੰ ਕਾਮਯਾਬ ਬਣਾਉਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾਈਆਂ ਗਈਆਂ ਅਤੇ ਹਦਾਇਤ ਕੀਤੀ ਕਿ ਉਮੀਦ ਬਜ਼ਾਰ ਮੇਲੇ ਨੂੰ ਕਾਮਯਾਬ ਕਰਨ ਲਈ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਸਮਾਂ ਰਹਿੰਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਜਾਣ।

ਉਨ੍ਹਾਂ ਦੱਸਿਆ ਕਿ ਉਮੀਦ ਬਜ਼ਾਰ ਦੌਰਾਨ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਦੀਆਂ ਮਹਿਲਾਵਾਂ ਅਤੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਵੱਲੋਂ ਆਪਣੇ ਉਤਪਾਦਾਂ ਦੇ ਵੱਖ-ਵੱਖ ਸਟਾਲ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰਾ ਸਮਾਨ ਜ਼ਿਲ੍ਹੇ ਦੇ ਸਵੈ ਸਹਾਇਤਾ ਸਮੂਹਾਂ ਦੀਆਂ ਮਿਹਨਤੀ ਸਵਾਣੀਆਂ ਵੱਲੋਂ ਆਪਣੇ ਘਰਾਂ ਵਿੱਚ ਤਿਆਰ ਕੀਤਾ ਜਾਂਦਾ ਹੈ, ਜਿਸ ਦੀ ਕੁਆਲਿਟੀ ਬਹੁਤ ਵਧੀਆ ਹੋਣ ਦੇ ਨਾਲ ਕੀਮਤਾਂ ਵੀ ਬਹੁਤ ਵਾਜਬ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਮੀਦ ਬਜ਼ਾਰ ਦਾ ਸਮਾਂ ਮਿਤੀ 2 ਤੇ 3 ਅਗਸਤ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ ਅਤੇ ਬਜ਼ਾਰ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਪੰਘੂੜੇ ਤੇ ਖਾਣ-ਪੀਣ ਲਈ ਫੂਡ ਸਟਾਲ ਵੀ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ 2 ਤੇ 3 ਅਗਸਤ ਨੂੰ ਪੁਰਾਣੇ ਬੱਸ ਅੱਡਾ ਗੁਰਦਾਸਪੁਰ ਵਿਖੇ ਲੱਗਣ ਵਾਲੇ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਖ਼ਰੀਦਦਾਰੀ ਕਰਨ ਤਾਂ ਜ਼ੋ ਆਪਣੇ ਜ਼ਿਲ੍ਹੇ ਦੀਆਂ ਮਿਹਨਤੀ ਮਹਿਲਾਵਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲ ਸਕੇ।

ਫੋਟੋ ਕੈਪਸ਼ਨ: ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਅਤੇ ਐੱਸਡੀਐੱਮ ਦੀਨਾਨਗਰ ਸ੍ਰੀ ਜਸਪਿੰਦਰ ਸਿੰਘ ਭੁੱਲਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕਰਦੇ। ਉਨ੍ਹਾਂ ਦੇ ਨਾਲ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਇੰਦਰਜੀਤ ਸਿੰਘ ਬਾਜਵਾ ਵੀ ਨਜ਼ਰ ਆ ਰਹੇ ਹਨ। ਫੋਟੋ: ਬੈਂਸ


Share & like

Leave a Reply