Share & like

ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਅਲਾਮਤਾਂ ਨਾਲ ਪੰਜਾਬ ਨੂੰ ਬਰਬਾਦ ਕੀਤਾ: ਕੇਜਰੀਵਾਲ

ਸੂਬਾ ਸਰਕਾਰ ਪੰਜਾਬ ਦੀ ਤਰੱਕੀ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਸੰਭਵ ਯਤਨ ਕਰ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਸ਼ਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਹੈ ਕਿ ਸਮਾਜ ਦੇ ਹਰੇਕ ਤਬਕੇ ਦੀ ਭਲਾਈ ਨੂੰ ਯਕੀਨੀ ਬਣਾ ਕੇ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਦ੍ਰਿੜ ਸੰਕਲਪ ਹਨ।

ਇਸ ਮੌਕੇ ਸ਼ਹੀਦ ਊਧਮ ਸਿੰਘ ਵਾਲਾ ਨਗਰ ਦੇ ਵਿਕਾਸ ਲਈ 85 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਆਪਣੇ ਦੇਸ਼ ਨੂੰ ਗੁਲਾਮੀ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਲਾਮਿਸਾਲ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨਾ ਉਨ੍ਹਾਂ ਲਈ ਮਾਣ ਤੇ ਸਕੂਨ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਦੇ ਬਹੁਤ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸ਼ਹੀਦਾਂ ਦੇ ਸੁਪਨੇ ਅਜੇ ਅਧੂਰੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਦੀਆਂ ਅਲਾਮਤਾਂ ਨਾਲ ਪੰਜਾਬ ਨੂੰ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਬਦ ਤੋਂ ਬਦਤਰ ਹੋ ਗਈ ਸੀ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਨੂੰ ਮਿਆਰੀ ਸਿਹਤ ਅਤੇ ਸਿੱਖਿਆ ਮੁਹੱਈਆ ਕਰਵਾਉਣ ਲਈ ਕਦੇ ਪ੍ਰਵਾਹ ਹੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਹੀ ਸੂਬੇ ਵਿੱਚ ਨਸ਼ਿਆਂ ਦਾ ਜਾਲ ਫੈਲਾਇਆ ਜਿਸ ਨੇ ਸਾਡੀ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਨਸ਼ਿਆਂ ਦਾ ਲੱਕ ਟੁੱਟ ਚੁੱਕਾ ਹੈ ਜਿਸ ਲਈ ਸੂਬਾ ਸਰਕਾਰ ਨੂੰ ਸਾਬਾਸ਼ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਸ ਢੰਗ ਨਾਲ ਸੂਬੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ, ਇਸ ਦਾ ਮਿਸਾਲ ਦੇਸ਼ ਦੇ ਇਤਿਹਾਸ ਵਿੱਚ ਨਹੀਂ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਮਾਨਦਾਰ ਸਰਕਾਰ ਨੇ ਬਦਨਾਮ ਅਤੇ ਖਤਰਨਾਕ ਨਸ਼ਾ ਸਰਗਣਾ ਨੂੰ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਸੁੱਟਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਇਸ ਰਸੂਖਵਾਨ ਸਿਆਸੀ ਲੀਡਰ ਨੂੰ ਹੱਥ ਲਾਉਣ ਦੀ ਹਿੰਮਤ ਨਹੀਂ ਕਰਦੀ ਸੀ ਜੋ ਸੂਬੇ ਵਿੱਚ ਨਸ਼ੇ ਫੈਲਾਉਣ ਦਾ ਸੂਤਰਧਾਰ ਸੀ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਮਿਸਾਲੀ ਕੰਮ ਕੀਤਾ ਅਤੇ ਨਸ਼ੇ ਦੇ ਕਾਰੋਬਾਰ ਦੀਆਂ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜਿਆ। ਉਨ੍ਹਾਂ ਕਿਹਾ ਕਿ ਅਜਿਹੇ ਹੋਰ ਲੋਕਾਂ ਖਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਨ੍ਹਾਂ ਨੇ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਨ ਵਾਲਾ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹੁਣ ਤੱਕ 55,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ। ਇਸਦੇ ਨਾਲ ਹੀ ਸੂਬੇ ਭਰ ਵਿੱਚ ਸਕੂਲਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਹੁਣ ਟੇਲਾਂ ‘ਤੇ ਵਸਦੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਦੇ 90 ਫੀਸਦ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ ਅਤੇ ਇਸ ਸਭ ਤੋਂ ਇਲਾਵਾ ਹੋਰ ਕਈ ਲੋਕ-ਪੱਖੀ ਪਹਿਲਕਦਮੀਆਂ ਲਗਾਤਾਰ ਜਾਰੀ ਹਨ।

ਉਨ੍ਹਾਂ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਮਿਹਨਤੀ ਅਤੇ ਅਗਵਾਈ ਕਰਨ ਵਾਲੇ ਰਹੇ ਹਨ ਅਤੇ ਆਪਣੇ ਇਸ ਸੁਭਾਅ ਕਰਕੇ ਹੀ ਉਨ੍ਹਾਂ ਨੇ ਦੁਨੀਆ ਭਰ ਦੇ ਹਰ ਖੇਤਰ ਵਿੱਚ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣੀ ਸਖ਼ਤ ਮਿਹਨਤ ਅਤੇ ਸਿਰੜੀ ਸੁਭਾਅ ਨਾਲ ਹਰ ਖੇਤਰ ਵਿੱਚ ਵੱਡਾ ਨਾਮ ਕਮਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਤਰੱਕੀ ਲਈ ਪੰਜਾਬੀਆਂ ਦੀ ਇਸ ਭਾਵਨਾ ਦੀ ਸਹੀ ਵਰਤੋਂ ਕਰਨ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਦੇ ਵਾਰਸਾਂ ਨੂੰ ਸਨਮਾਨਿਤ ਵੀ ਕੀਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਇਸ ਪਵਿੱਤਰ ਧਰਤੀ ‘ਤੇ ਆਉਣ ਲਈ ਸਵਾਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਡਾ. ਰਵਜੋਤ, ਗੁਰਮੀਤ ਸਿੰਘ ਖੁੱਡੀਆਂ, ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ ਅਤੇ ਹਰਦੀਪ ਸਿੰਘ ਮੁੰਡੀਆਂ, ਸੀਨੀਅਰ ‘ਆਪ’ ਨੇਤਾ ਮਨੀਸ਼ ਸਿਸੋਦੀਆ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਜਗਦੀਪ ਕੰਬੋਜ ਗੋਲਡੀ, ਪ੍ਰੋਫੈਸਰ ਬਲਜਿੰਦਰ ਕੌਰ ਵੀ ਹਾਜ਼ਰ ਸਨ।


Share & like

Leave a Reply