ਜਤਿੰਦਰ ਬੈਂਸ/ ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 1 ਅਗਸਤ
ਬਲਾਚੌਰ ਨੇੜੇ ਪੈਂਦੇ ਪਿੰਡ ਧੌਲ ਨਾਲ ਸਬੰਧਤ ਹਰਜਿੰਦਰ ਸਿੰਘ (48) ਪੁੱਤਰ ਦਿਲਬਾਗ ਸਿੰਘ ਦੀ ਮ੍ਰਿਤਕ ਦੇਹ ਤੜਕਸਾਰ ਗਰੀਸ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਪੁੱਜੀ। ਜਿੱਥੋਂ ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਘਰ ਭੇਜਿਆ ਗਿਆ।
ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸਪੀ ਸਿੰਘ ਓਬਰਾਏ ਨੇ ਦੱਸਿਆ ਹਰਜਿੰਦਰ ਪਿਛਲੇ ਕਰੀਬ 20 ਸਾਲਾਂ ਤੋਂ ਗਰੀਸ ਵਿਖੇ ਮਿਹਨਤ ਮਜ਼ਦੂਰੀ ਕਰ ਰਿਹਾ ਸੀ। ਪੀੜਤ ਪਰਿਵਾਰ ਨੇ ਉਨ੍ਹਾਂ ਦੀ ਅੰਮ੍ਰਿਤਸਰ ਟੀਮ ਨਾਲ ਸੰਪਰਕ ਕਰਕੇ ਦੱਸਿਆ ਸੀ ਕਿ 14 ਜੁਲਾਈ ਨੂੰ ਗਰੀਸ ਵਿਖੇ ਵਾਪਰੇ ਹਾਦਸੇ ਵਿੱਚ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਹੈ। ਅੱਜ ਸਵੇਰੇ ਤੜਕਸਾਰ ਅੰਮ੍ਰਿਤਸਰ ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਪੀੜ੍ਹਤ ਪਰਿਵਾਰ ਦੀ ਹਾਜ਼ਰੀ ‘ਚ ਟਰੱਸਟ ਦੇ ਨੁੰਮਾਇਦੇ ਰਾਜਬੀਰ ਸਿੰਘ ਵੱਲੋਂ ਪ੍ਰਾਪਤ ਕਰਕੇ ਟਰੱਸਟ ਦੀ ‘ਮੁਫ਼ਤ ਐਂਬੂਲੈਂਸ ਸੇਵਾ’ ਰਾਹੀਂ ਮ੍ਰਿਤਕ ਦੇ ਘਰ ਤੱਕ ਭੇਜਿਆ ਗਿਆ।
ਮ੍ਰਿਤਕ ਹਰਜਿੰਦਰ ਆਪਣੇ ਪਿੱਛੇ ਕਰੀਬ 95 ਸਾਲਾ ਬਜ਼ੁਰਗ ਮਾਪਿਆਂ ਤੋਂ ਇਲਾਵਾ ਆਪਣੀ ਪਤਨੀ,ਧੀ ਤੇ ਪੁੱਤਰ ਨੂੰ ਛੱਡ ਗਿਆ ਹੈ। ਉਨ੍ਹਾਂ ਕਿਹਾ ਕਿ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਜਲਦ ਹੀ ਪਰਿਵਾਰ ਦੀ ਆਰਥਿਕ ਹਾਲਤ ਤੋਂ ਜਾਣੂ ਕਰਵਾਉਣ ਉਪਰੰਤ ਹਰਜਿੰਦਰ ਸਿੰਘ ਦੇ ਪਰਿਵਾਰ ਨੂੰ ਲੋੜ ਅਨੁਸਾਰ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
ਡਾ.ਉਬਰਾਏ ਦੀ ਸਰਪ੍ਰਸਤੀ ਹੇਠ ਹੁਣ ਤੱਕ 421 ਦੇ ਕਰੀਬ ਨੌਜਵਾਨਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ। ਕੁਝ ਸਮਾਂ ਪਹਿਲਾਂ ਹੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਮਿਤ੍ਰਕ ਦੇਹਾਂ ਉਨ੍ਹਾਂ ਦੇ ਤੱਕ ਪਹੁੰਚਣ ਲਈ ਮੁਫ਼ਤ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ। ਮ੍ਰਿਤਕ ਦੇ ਚਚੇਰੇ ਭਰਾ ਹਰਨੇਕ ਸਿੰਘ, ਨਛੱਤਰ ਸਿੰਘ ਅਤੇ ਕਾਲਾ ਸਿੰਘ ਨੇ ਡਾ.ਐੱਸਪੀ ਸਿੰਘ ਓਬਰਾਏ ਦਾ ਧੰਨਵਾਦ ਕੀਤਾ।











