ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 2 ਅਗਸਤ
ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਆਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਉਸਦੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਦਾਅਵਾ ਕੀਤਾ ਹੈ।
ਅਜਿਹਾ ਦਾਅਵਾ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਕੇ ਕੀਤਾ ਗਿਆ ਹੈ। ਰੰਧਾਵਾ ਨੇ ਮੀਡੀਆ ਪਲੇਟਫਾਰਮ ਐਕਸ ’ਤੇ ਸ਼ੇਅਰ ਕੀਤੀ ਪੋਸਟ ਵਿਚ ਲਿੱਖਿਆ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਉਨ੍ਹਾਂ ਦੇ ਪੁੱਤਰ ਉਦੈਵੀਰ ਸਿੰਘ ਰੰਧਾਵਾ ਨੂੰ ਇਹ ਧਮਕੀ ਦਿੱਤੀ ਹੈ। ਰੰਧਾਵਾ ਨੇ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੇ ਪੁਲੀਸ ਤੋਂ ਫੌਰੀ ਕਾਰਵਾਈ ਦੀ ਮੰਗ ਕੀਤੀ ਹੈ।
ਰੰਧਾਵਾ ਨੇ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਗੈਂਗਸਟਰਾਂ ਦਾ ਅੱਡਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ ਅਤੇ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਵੀਰਵਾਰ ਨੂੰ ਸਵੇਰੇ 11 ਵਜੇ ਫਤਿਹਗੜ੍ਹ ਚੂੜੀਆਂ ਕਸਬੇ ਦੇ ਪਰਮਿੰਦਰ ਸਿੰਘ ਦੇ ਟਰਬਨ ਸੈਂਟਰ ’ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਚਲਾਈਆਂ ਸਨ। ਉਕਤ ਘਟਨਾ ਤੋਂ ਇੱਕ ਘੰਟਾ ਪਹਿਲਾਂ ਤੱਕ ਰੰਧਾਵਾ ਦਾ ਪੁੱਤਰ ਉੱਥੇ ਮੌਜੂਦ ਸੀ।











