60 ਤੋਂ ਵੱਧ ਸਵੈ-ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਨੇ ਉਮੀਦ ਬਜ਼ਾਰ ਵਿੱਚ ਆਪਣੇ ਸਟਾਲ ਲਗਾਏ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 2 ਅਗਸਤ
ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਨਿਵੇਕਲੀ ਪਹਿਲ ਕਰਦਿਆਂ ਗੁਰਦਾਸਪੁਰ ਸ਼ਹਿਰ ਦੇ ਪੁਰਾਣੇ ਬੱਸ ਅੱਡੇ ਵਿੱਚ ਦੋ ਰੋਜ਼ਾ ‘ਉਮੀਦ ਬਜ਼ਾਰ’ ਦਾ ਅੱਜ ਸ਼ਾਨਦਾਰ ਅਗਾਜ਼ ਕੀਤਾ ਗਿਆ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ‘ਉਮੀਦ ਬਜ਼ਾਰ’ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਐੱਸਐੱਸਪੀ ਗੁਰਦਾਸਪੁਰ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸਡੀਐੱਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਐੱਸਡੀਐੱਮ ਡੇਰਾ ਬਾਬਾ ਨਾਨਕ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
‘ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਘਰੇਲੂ ਔਰਤਾਂ ਨੂੰ ਰੁਜ਼ਗਾਰ ਨਾਲ ਜੋੜ ਕੇ ਉਨ੍ਹਾਂ ਲਈ ਆਮਦਨ ਦੇ ਨਵੇਂ ਅਵਸਰ ਪੈਦਾ ਕੀਤੇ ਜਾਣ ਅਤੇ ਇਨ੍ਹਾਂ ਯਤਨਾਂ ਸਦਕਾ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੈ ਸਹਾਇਤਾ ਸਮੂਹਾਂ ਵੱਲੋਂ ਹੱਥੀਂ ਤਿਆਰ ਕੀਤੇ ਸਮਾਨ ਨੂੰ ਵੇਚਣ ਲਈ ਬਜ਼ਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਉਮੀਦ ਬਜ਼ਾਰ ਵਿੱਚ ਸਵੈ ਸਹਾਇਤਾ ਸਮੂਹਾਂ ਨਾਲ ਜੁੜੀਆਂ ਸਵਾਣੀਆਂ ਵੱਲੋਂ ਹੱਥੀਂ ਤਿਆਰ ਕੀਤਾ ਵੱਖ-ਵੱਖ ਕਿਸਮਾਂ ਦਾ ਸਮਾਨ ਜੋ ਕਿ ਕੁਆਲਿਟੀ ਦੇ ਪੱਖ ਤੋਂ ਬਹੁਤ ਵਧੀਆ ਹੈ, ਵੇਚਿਆ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਸ ਉਮੀਦ ਬਜ਼ਾਰ ਵਿੱਚ 60 ਤੋਂ ਵੱਧ ਸਵੈ ਸਹਾਇਤਾ ਸਮੂਹਾਂ ਅਤੇ ਕਿਸਾਨ ਸਮੂਹਾਂ ਵੱਲੋਂ ਆਪਣੇ ਉਤਪਾਦਾਂ ਨੂੰ ਵੇਚਣ ਲਈ ਸਟਾਲ ਲਗਾਏ ਹਨ। ਇਨ੍ਹਾਂ ਸਟਾਲਾਂ ਵਿੱਚ ਖਾਣ-ਪੀਣ ਦੇ ਸਮਾਨ ਤੋਂ ਇਲਾਵਾ, ਡੈਕੋਰੇਸ਼ਨ ਦਾ ਸਮਾਨ, ਸੂਟ ਤੇ ਫੁਲਕਾਰੀਆਂ, ਔਰਤਾਂ ਲਈ ਸ਼ਿੰਗਾਰ ਦਾ ਸਮਾਨ ਅਤੇ ਹੋਰ ਰੋਜ਼ਾਨਾਂ ਜ਼ਰੂਰਤ ਦਾ ਸਮਾਨ ਵੇਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਬਜ਼ਾਰ ਨੂੰ ਕਾਮਯਾਬ ਕਰਨ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿੱਥੇ ਸਵੈ ਸਹਾਇਤਾ ਸਮੂਹ ਦੀਆਂ ਔਰਤਾਂ ਆਪਣਾ ਸਮਾਨ ਵੇਚ ਰਹੀਆਂ ਹਨ ਓਥੇ ਔਰਤਾਂ ਲਈ ਮਹਿੰਦੀ ਲਗਾਉਣ ਦਾ ਸਟਾਲ ਵੀ ਲਗਾਇਆ ਗਿਆ ਹੈ। ਬਜ਼ਾਰ ਵਿੱਚ ਆਉਣ ਵਾਲੇ ਗ੍ਰਾਹਕਾਂ ਲਈ ਖਾਣ-ਪੀਣ ਦੇ ਸਟਾਲ ਵੀ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਇਸ ਉਮੀਦ ਬਜ਼ਾਰ ਵਿੱਚ ਵੇਚੇ ਜਾ ਰਹੇ ਸਾਰੇ ਹੀ ਉਤਪਾਦ ਵਾਜਬ ਰੇਟਾਂ ਉੱਪਰ ਹਨ ਅਤੇ ਕੁਆਲਿਟੀ ਦੇ ਪੱਖ ਤੋਂ ਬਹੁਤ ਵਧੀਆ ਹਨ। ਇਸ ਦੇ ਨਾਲ ਹੀ ਅਗਾਂਹਵਧੂ ਕਿਸਾਨਾਂ ਵੱਲੋਂ ਫੂਡ ਪ੍ਰੋਸੈਸਿੰਗ ਨਾਲ ਸਬੰਧਿਤ ਆਪਣੇ ਉਤਪਾਦ ਵੇਚੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ 2 ਤੇ 3 ਅਗਸਤ ਦੌਰਾਨ ਲੱਗੇ ਉਮੀਦ ਬਜ਼ਾਰ ਵਿੱਚ ਪਹੁੰਚ ਕੇ ਖ਼ਰੀਦਦਾਰੀ ਕਰਨ ਤਾਂ ਜੋ ਆਪਣੇ ਜ਼ਿਲ੍ਹੇ ਦੀਆਂ ਮਿਹਨਤੀ ਔਰਤਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਮੁੱਲ ਮਿਲ ਸਕੇ।
ਇਸ ਮੌਕੇ ਮਿਸ਼ਨ ਆਜੀਵਕਾ ਦੇ ਜ਼ਿਲ੍ਹਾ ਮੈਨੇਜਰ ਅਮਰਪਾਲ ਸਿੰਘ, ਜਗਜੀਤ ਸਿੰਘ ਪਿੰਟਾ, ਹਿਤੇਸ਼ ਮਹਾਜਨ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ (ਇਲੈਕਟ੍ਰੀਕਲ ਵਿੰਗ) ਸ. ਦਵਿੰਦਰ ਸਿੰਘ, ਪ੍ਰੋ. ਰਾਜ ਕੁਮਾਰ ਸ਼ਰਮਾ, ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਚੀਮਾ ਤੋਂ ਇਲਾਵਾ ਇਲਾਕੇ ਦੇ ਹੋਰ ਮੁਹਤਬਰ ਵੀ ਹਾਜ਼ਰ ਸਨ।











