ਪੰਜਾਬ ਦੀ ਅਣਖ, ਗੌਰਵ ਅਤੇ ਸਵੈ-ਮਾਣ ਬਹਾਲ ਕਰਾਂਗੇ,
ਰਵਾਇਤੀ ਸਿਆਸੀ ਪਾਰਟੀਆਂ ਨਸ਼ਾ ਤਸਕਰਾਂ ਦੇ ਹੱਕ ਵਿੱਚ ਹਨ ਜਾਂ ਵਿਰੋਧ ਵਿੱਚ ਸਪਸ਼ਟ ਕਰਨ-ਮੁੱਖ ਮੰਤਰੀ
ਰੋਜ਼ਾਨਾ ਖ਼ਬਰ
ਲੁਧਿਆਣਾ, 04ਅਗਸਤ
ਪਿੰਡਾਂ ਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅੱਜ ਇੱਥੇ ਸ਼ਨਾਖਤੀ ਕਾਰਡ ਵੰਡੇ ਕੇ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਦੌਰ ਵਿੱਚ ਪਹੁੰਚ ਚੁੱਕੀ ਹੈ।

ਉਨ੍ਹਾਂ ਪਿੰਡਾਂ ਅਤੇ ਸ਼ਹਿਰਾਂ ਲਈ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ 4ਫਰਵਰੀ ਤੋਂ ਸੂਬੇ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕਰਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਉਹਨਾਂ ਕਿਹਾ ਕਿ ਡਿਫੈਂਸ ਕਮੇਟੀਆਂ ਦੇ ਮੈਂਬਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਿਆਂ ਵਿਰੁੱਧ ਜੰਗ ਦੇ ਜਰਨੈਲ ਬਣ ਕੇ ਪਿੰਡਾਂ ਤੇ ਸ਼ਹਿਰਾਂ ਦੀ ਰਾਖੀ ਕਰਨਗੇ। ਉਨ੍ਹਾਂ ਕਿਹਾ ਕਿ ਮੁਹਿੰਮ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਲਗਪਗ ਟੁੱਟ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦਾ ਧੰਨਵਾਦ ਕਰਦੇ ਹਨ ਕਿ ਸਰਕਾਰ ਦੇ ਇਸ ਨੇਕ ਕਾਰਜ ਵਿੱਚ ਵਧ-ਚੜ੍ਹ ਕੇ ਸਹਿਯੋਗ ਦੇ ਰਹੇ ਹਨ। ਉਨਾਂ ਕਿਹਾ ਕਿ ਨਾਭਾ ਜੇਲ ਵਿੱਚ ਬੰਦ ਸਿਆਸੀ ਆਗੂ ਖਿਲਾਫ਼ ਅਹਿਮ ਸਬੂਤ ਮਿਲੇ ਹਨ ਜਿਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰ ਨੇ ਕਈ ਲੋਕ ਪੱਖੀ ਫੈਸਲੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਿਆ ਹੈ, ਜਿਸ ਨਾਲ ਸਿੰਜਾਈ ਲਈ ਪਾਣੀ ਦੀ ਸਮੱਸਿਆ ਖ਼ਤਮ ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ 55000ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਸੂਬੇ ਵਿੱਚ ਕਈ ਥਾਵਾਂ ਉਤੇ ਟੋਲ ਪਲਾਜ਼ੇ ਬੰਦ ਕਰਨ ਨਾਲ ਪੰਜਾਬ ਵਾਸੀਆਂ ਦੇ ਰੋਜ਼ਾਨਾ 64ਲੱਖ ਰੁਪਏ ਬਚ ਰਹੇ ਹਨ, ਜੋ ਬਹੁਤ ਵੱਡੀ ਆਰਥਿਕ ਰਾਹਤ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ।

ਇਸ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮਕਾਨ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਆਦਿ ਹਾਜ਼ਰ ਸਨ।










