Share & like

ਮੁੱਖ ਮੰਤਰੀ ਵੱਲੋਂ ਸਮਾਜ ਭਲਾਈ ਦੇ ਕੰਮਾਂ ਲਈ ਡੇਰਾ ਸੱਚਖੰਡ ਬੱਲਾਂ ਦੀ ਸਰਾਹਨਾ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ

ਜਲੰਧਰ, 07 ਅਗਸਤ
ਡੇਰਾ ਸੱਚਖੰਡ ਬੱਲਾਂ ਵਿਖੇ 3.4 ਕਰੋੜ ਰੁਪਏ ਦੇ ਕਰੀਬ ਲਾਗਤ ਨਾਲ ਮੁਕੰਮਲ ਹੋਣ ਵਾਲੇ ਸੀਵਰੇਜ ਟਰੀਟਮੈਂਟ ਪਲਾਂਟ (ਐਸਟੀਪੀ) ਅਤੇ ਮੁੱਖ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤੇ ਡੇਰਾ ਮੁੱਖੀ ਸੰਤ ਨਿਰੰਜਨ ਦਾਸ ਵਲੋਂ ਰੱਖਿਆ ਗਿਆ।

ਫੋਟੋ ਕੈਪਸ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁੱਖੀ ਸੰਤ ਨਿਰੰਜਨ ਦਾਸ ਟਰੀਟਮੈਂਟ ਪਲਾਂਟ ਦਾ ਨੀਹ ਪੱਥਰ ਰੱਖਦੇ ਹੋਏ। ਫੋਟੋ: ਬੈਂਸ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡੇਰੇ ਵਿਖੇ ਨਤਮਸਤਕ ਹੋਏ ਅਤੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਸ੍ਰੀ ਮਾਨ ਨੇ ਕਿਹਾ ਕਿ ਮਹਾਨ ਧਾਰਮਿਕ ਸਖਸ਼ੀਅਤਾਂ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਸਥਾਨ ਦੇ ਦਰਸ਼ਨ ਕਰਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਧਰਤੀ ਨੇ ਹਮੇਸ਼ਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ ਦਰਸਾਏ ਮਾਰਗ `ਤੇ ਚੱਲਦਿਆਂ ਪੰਜਾਬ ਸਰਕਾਰ ਨੇ ਸਿਹਤ, ਰੋਜ਼ਗਾਰ ਅਤੇ ਹੋਰ ਮੁੱਖ ਖੇਤਰਾਂ ਦੇ ਨਾਲ-ਨਾਲ ਸਿੱਖਿਆ ਖੇਤਰ ਨੂੰ ਤਰਜੀਹ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਅਤੇ ਵਿਦਿਅਕ ਨਤੀਜਿਆਂ ਵਿੱਚ ਪੰਜਾਬ ਦੇਸ਼ ਦੀ ਅਗਵਾਈ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਜ਼ੋਰ ਅਤੇ ਪਛੜੇ ਵਰਗਾਂ ਵਾਲੇ ਵਿਦਿਆਰਥੀ ਨੀਟ ਅਤੇ ਜੇ.ਈ.ਈ. ਵਰਗੀਆਂ ਵਕਾਰੀ ਪ੍ਰੀਖਿਆਵਾਂ ਵਿੱਚ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ਼ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਰਿਵਾਰਾਂ ਤੋਂ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟੇਗਾ ਅਤੇ ਉਨ੍ਹਾਂ ਦੀ ਮਿਆਰੀ ਸਿਹਤ ਸੰਭਾਲ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਕਿ ਡੇਰਾ ਸੱਚਖੰਡ ਬੱਲਾਂ ਵਿਖੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਮੇਨ ਪੰਪਿੰਗ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਐਸ.ਟੀ.ਪੀ. ਦੀ ਸਮਰੱਥਾ 0.5 ਮਿਲੀਅਨ ਲਿਟਰ ਪ੍ਰਤੀ ਦਿਨ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਦੇ 12 ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਸਾਫ਼-ਸੁਥਰਾ ਤੇ ਸਿਹਤਮੰਦ ਵਾਤਾਵਰਨ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਸੈਨੀਟੇਸ਼ਨ ਬੁਨਿਆਦੀ ਢਾਂਚੇ ਵਿੱਚ ਵੱਡਾ ਸੁਧਾਰ ਹੋਵੇਗਾ।

ਫੋਟੋ ਕੈਪਸ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਡੇਰਾ ਮੁੱਖੀ ਦੇ ਗਲੇ ਮਿਲਦੇ ਹੋਏ। ਫੋਟੋ: ਬੈਂਸ
ਉਨ੍ਹਾਂ ਦੱਸਿਆ ਕਿ ਪਲਾਂਟ ਤੋਂ ਸਾਫ਼ ਕੀਤੇ ਪਾਣੀ ਨਾਲ 13 ਹੈਕਟੇਅਰ ਦੇ ਕਰੀਬ ਜ਼ਮੀਨ ਦੀ ਸਿੰਚਾਈ ਹੋ ਸਕੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਾਜੈਕਟ ਸਾਫ਼ ਪਾਣੀ, ਬਿਹਤਰ ਸਿਹਤ ਸਹੂਲਤਾਂ, ਵਾਤਾਵਰਣ ਸੁਰੱਖਿਆ ਅਤੇ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਘਟਾਉਣ ਵੱਲ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਡੇਰੇ ਦੀ ਸ਼ਲਾਘਾ ਕਰਦੇ ਕਿਹਾ ਕਿ ਡੇਰਾ ਬਰਾਬਰੀ ਵਾਲੇ ਸਮਾਜ ਦੇ ਆਦਰਸ਼ਾਂ ਦੇ ਪੈਰੋਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਲੱਖਾਂ ਪੈਰੋਕਾਰਾਂ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਜਨਤਾ ਦੀ ਸਮਾਜਿਕ ਅਤੇ ਆਰਥਿਕ ਭਲਾਈ ਵਿੱਚ ਡੇਰੇ ਦੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ, ਲਾਲ ਚੰਦ ਕਟਾਰੂਚੱਕ, ਡਾ. ਰਵਜੋਤ ਸਿੰਘ, ਮਹਿੰਦਰ ਭਗਤ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬਲਕਾਰ ਸਿੰਘ, ਇੰਦਰਜੀਤ ਕੌਰ ਮਾਨ, ਜਸਵੀਰ ਸਿੰਘ ਗਿਲ, ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਚੇਅਰਮੈਨ ਪਵਨ ਟੀਨੂੰ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ ਬਾਸੀ ਆਦਿ ਹਾਜ਼ਰ ਸਨ।


Share & like

Leave a Reply