ਰੋਜ਼ਾਨਾ ਖ਼ਬਰ
ਸ੍ਰੀ ਆਨੰਦਪੁਰ ਸਾਹਿਬ, 09 ਅਗਸਤ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਸਜ਼ਾ ਨੂੰ ਪੂਰਾ ਕਰਨ ਲਈ ਅੱਜ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਸਵੇਰੇ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨੰਗੇ ਪੈਰੀਂ ਪੁੱਜੇ।

ਫੋਟੋ ਕੈਪਸ਼ਨ: ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ। ਫੋਟੋ: ਬੈਂਸ
ਉਨ੍ਹਾਂ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਪਰੰਤ ਉਨ੍ਹਾਂ ਗੁਰਦੁਆਰਾ ਸਾਹਿਬ ਦੇ ਜੋੜੇ ਘਰ ਵਿੱਚ ਇੱਕ ਘੰਟੇ ਜੋੜੇ ਝਾੜਨ ਦੀ ਸੇਵਾ ਨਿਭਾਈ।
ਦੱਸਣਯੋਗ ਹੈ ਕਿ ਸ੍ਰੀਨਗਰ ਵਿਚ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਵਿੱਚ ਪੰਜਾਬੀ ਕਲਾਕਾਰ ਵੱਲੋਂ ਗੀਤ ਗਾਉਣ ‘ਤੇ ਕੁਝ ਲੋਕਾਂ ਵੱਲੋਂ ਭੰਗੜੇ ਪਾਏ ਜਾਣ ਦਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੰਤਰੀ ਹਰਜੋਤ ਬੈਂਸ ਨੂੰ ਤਲਬ ਕਰਕੇ ਧਾਰਮਿਕ ਸਜ਼ਾ ਲਗਾਈ ਗਈ ਸੀ।

ਫੋਟੋ ਕੈਪਸ਼ਨ: ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਗੁਰਦੁਆਰਾ ਸ੍ਰੀ ਸੀਸਗੰਜ ਸਾਹਿਬ ਵਿਖੇ ਜੋੜੇ ਝਾੜਨ ਦੀ ਸੇਵਾ ਨਿਭਾਉਂਦੇ ਹੋਏ।
ਮੰਤਰੀ ਹਰਜੋਤ ਬੈਂਸ ਵੱਲੋਂ ਭਲਕੇ 10 ਅਗਸਤ ਨੂੰ ਵੀ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਇੱਕ ਘੰਟਾ ਜੋੜੇ ਝਾੜਨ ਦੀ ਸੇਵਾ ਕੀਤੀ ਜਾਵੇਗੀ। ਸੇਵਾ ਉਪਰੰਤ ਗੱਲਬਾਤ ਕਰਦਿਆਂ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਖਸ਼ੀ ਗਈ ਸੇਵਾ ਨੂੰ ਗੁਰੂ ਸਾਹਿਬ ਦੇ ਆਸ਼ੀਰਵਾਦ ਨਾਲ ਇੰਨ-ਬਿੰਨ ਪੂਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨਸਾਨ ਭੁੱਲਣਹਾਰ ਤੇ ਪ੍ਰਮਾਤਮਾ ਬਖਸ਼ਣਹਾਰ ਹੈ।










