Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 13 ਅਗਸਤ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਭਾਰਤ ‘ਤੇ 25 ਫੀਸਦੀ ਟੈਰਿਫ ਲਗਾਉਣ, ਭਾਰਤ ਦੇ ਰੂਸ ਨਾਲ ਤੇਲ ਵਪਾਰ ਸੌਦੇ ਖਿਲਾਫ਼ ਦੰਡਕਾਰੀ ਟੈਕਸ ਲਗਾਉਣ ਦੀਆਂ ਧਮਕੀਆਂ ਦੇਣ ਵਿਰੁੱਧ ਅਤੇ ਭਾਰਤ ਯੂਕੇ ਵਿਆਪਕ ਆਰਥਿਕ ਵਪਾਰ ਸਮਝੌਤੇ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਅਤੇ 10 ਕੇਂਦਰੀ ਟਰੇਡ ਯੂਨੀਅਨਾਂ ਨੇ ਸਾਂਝੇ ਤੌਰ ‘ਤੇ ਦੇਸ਼ ਵਿਆਪੀ ਵਿਰੋਧ ਦਿਵਸ ਦੇ ਸੱਦੇ ਤਹਿਤ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਇੱਕਠੇ ਹੋਣ ਉਪਰੰਤ ਰੋਸ ਮਾਰਚ ਕਰਦਿਆਂ ਡਾਕਖਾਨਾ ਚੌਂਕ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ।

ਆਗੂਆਂ ਕਿਹਾ ਕਿ ਟਰੰਪ ਦੀ ਟੈਰਿਫ ਨੀਤੀ, ਦੇਸ਼ ਲਈ ਗੰਭੀਰ ਖਤਰਿਆਂ ਬਾਰੇ ਮੋਦੀ ਸਰਕਾਰ ਦੀ ਮੁਜ਼ਰਮਾਨਾ ਚੁੱਪੀ ਅਤੇ ਮਾਨ ਸਰਕਾਰ ਦੇ ਮਜ਼ਦੂਰ ਕਿਸਾਨ ਵਿਰੋਧੀ ਫੈਸਲਿਆਂ ਖਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਕੁਝ ਸਮਾਂ ਤੱਖਤੀਆਂ ਲੈ ਕੇ ਖੜੇ ਹੋਣ ਉਪਰੰਤ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁਤਲਾ ਫੂਕਿਆ ਗਿਆ।

ਬੁਲਾਰਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਦਾ ਲੈਂਡ ਪੂਲਿੰਗ ਪਾਲਸੀ ਤੋਂ ਪਿੱਛੇ ਹੱਟਨਾ ਕਿਸਾਨਾਂ ਦੀ ਜਿੱਤ ਹੈ। ਕਿਸਾਨ ਮਜ਼ਦੂਰ ਆਗੂਆਂ ਨੇ ਕਿਹਾ ਕਿ ਲੋਕਾਂ ਦਾ ਵਿਸ਼ਾਲ ਏਕਾ ਹੀ ਹਾਕਮ ਧਿਰਾਂ ਨੂੰ ਪਿੱਛੇ ਮੁੜਨ ਲਈ ਮਜ਼ਬੂਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਕਰਕੇ ਗਰੀਬ ਪਰਿਵਾਰਾਂ ਲਈ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਮੁਸ਼ਕਲ ਹੋ ਗਿਆ ਹੈ। ਆਗੂਆਂ ਕਿਹਾ ਕਿ ਚਾਰ ਲੇਬਰ ਕੋਡ ਰੱਦ ਕਰਨ, ਐਮਐਸਪੀ ਦੀ ਕਾਨੂੰਨੀ ਗਰੰਟੀ ਕਰਨ, ਲੈਂਡ ਪੁਲਿੰਗ ਪਾਲਸੀ ਰੱਦ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਾਉਣ, ਮਨਰੇਗਾ ਤਹਿਤ ਸਾਰਾ ਸਾਲ ਕੰਮ ਦੇਣ ‘ਤੇ ਦਿਹਾੜੀਦਾਰ 700 ਰੁਪਏ ਤੈਅ ਕਰਨ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਹੋਰ ਮੰਗਾਂ ਨੂੰ ਲੈ ਕੇ ਸਾਂਝੇ ਤੌਰ ‘ਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਰੋਸ ਰੈਲੀ ਤੇ ਪ੍ਰਦਰਸ਼ਨ ਦੀ ਅਗਵਾਈ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕੁਲ ਹਿੰਦ ਕਿਸਾਨ ਸਭਾ, ਸੀ ਟੀ ਯੂ ਪੰਜਾਬ, ਏਕਟੂ , ਮਜ਼ਦੂਰ ਮੁਕਤੀ ਮੋਰਚਾ ਪੰਜਾਬ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਆਗੂ ਕਾਮਰੇਡ ਸੁਖਦੇਵ ਸਿੰਘ ਭਾਗੋਕਾਵਾਂ, ਬਲਬੀਰ ਸਿੰਘ ਉਚਾ ਧਕਾਲਾ, ਅਜੀਤ ਸਿੰਘ ਹੁੰਦਲ, ਰਘਬੀਰ ਸਿੰਘ ਚਾਹਲ, ਗੁਰਵਿੰਦਰ ਸਿੰਘ, ਮੰਗਤ ਸਿੰਘ, ਗੁਰਪ੍ਰਤਾਪ ਸਿੰਘ, ਬਲਵਿੰਦਰ ਸਿੰਘ, ਤਰਲੋਕ ਸਿੰਘ, ਮੁਖਤਿਆਰ ਸਿੰਘ, ਹਰਚਰਨ ਸਿੰਘ ਔਜਲਾ, ਗੁਰਚਰਨ ਵਾਲੀਆ, ਧਿਆਨ ਸਿੰਘ ਠਾਕੁਰ, ਗੁਲਜਾਰ ਸਿੰਘ ਭੁੰਬਲੀ, ਸ਼ਿਵ ਕੁਮਾਰ, ਸੋਨਾ ਮਸੀਹ ਤੇ ਹੋਰ ਆਗੂਆਂ ਆਪਣੇ ਵਿਚਾਰ ਸਾਂਝੇ ਕੀਤੇ।



Share & like

Leave a Reply