Share & like

ਰੋਜ਼ਾਨਾ ਖ਼ਬਰ
ਸ੍ਰੀ ਆਨੰਦਪੁਰ ਸਾਹਿਬ, 14 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਪਾਰਟੀ ਦਾ ਪ੍ਰਧਾਨ ਥਾਪੇ ਜਾਣ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਇਕਬਾਲ ਸਿੰਘ ਝੂੰਦਾ, ਸੁੱਚਾ ਸਿੰਘ ਛੋਟੇਪੁਰ ਸਮੇਤ ਵੱਡੀ ਗਿਣਤੀ ਸਾਥੀਆਂ ਦੇ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਸਿਰੋਪਾਓ ਤੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਸ਼ੁਕਰਗੁਜ਼ਾਰ ਕਰਨ ਲਈ ਤਖ਼ਤ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਬੁਰੀ ਤਰ੍ਹਾਂ ਫੇਲ ਹੋਈ ਹੈ ਅਤੇ ਕੇਂਦਰ ਵੱਲੋਂ ਸੜਕਾਂ ਬਣਾਉਣ ਲਈ ਦਿੱਤਾ ਗਿਆ 800 ਕਰੋੜ ਰੁਪਿਆ ਵਾਪਸ ਹੋਣਾ ਪੰਜਾਬ ਸਰਕਾਰ ਦੀ ਨਲਾਇਕੀ ਹੈ।

ਉਨ੍ਹਾਂ ਕਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਛੱਡ ਕੇ ਪੰਜਾਬ ਤੇ ਪੰਜਾਬੀਅਤ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਸਾਥ ਦੇਣ ਵਾਲੀ ਕਿਸੇ ਵੀ ਪਾਰਟੀ ਨਾਲ ਸਮਝੌਤਾ ਕੀਤਾ ਜਾ ਸਕਦਾ ਹੈ। ਉਨ੍ਹਾ ਨੇ ਕਿਹਾ ਕਿ ਜਲਦ ਪਾਰਟੀ ਦਾ ਜਥੇਬੰਦਕ ਢਾਂਚਾ ਬਣਾਇਆ ਜਾਵੇਗਾ ਅਤੇ ਸਾਰੇ ਫੈਸਲੇ ਸਰਬਸੰਮਤੀ ਨਾਲ ਲਏ ਜਾਣਗੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਪ੍ਰਬੰਧ ਲੈਣ ਤੋਂ ਬਾਅਦ ਪੂਰੇ ਪਾਰਦਰਸ਼ੀ ਢੰਗ ਨਾਲ ਇਸ ਦਾ ਪ੍ਰਬੰਧ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚੋਣਾਂ ਜਿੱਤਣ ਤੋਂ ਬਾਅਦ ਇਹ ਸਾਰੇ ਨਿਯਮ ਬਣਾਏ ਜਾਣਗੇ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਰੁਤਬਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੋਂ ਵੱਡਾ ਕੀਤਾ ਜਾਵੇਗਾ।


Share & like

Leave a Reply