ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ 20 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਥਾਣਾ ਸੋਹਾਣਾ (ਹੁਣ ਥਾਣਾ ਖਰੜ ਸ਼ਹਿਰੀ) ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ਼ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਹਾਲੀ ਵਾਸੀ ਸ਼ਿਕਾਇਤਕਰਤਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਆਨਲਾਈਨ ਸ਼ਿਕਾਇਤ ਕੀਤੀ ਗਈ ਸੀ। ਜਿਸਦੀ ਜਾਂਚ ਤੋਂ ਬਾਅਦ ਪੁਲੀਸ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੀਤ ਸਿੰਘ ਅਨੁਸਾਰ ਉਸਦੇ ਅਤੇ ਉਸਦੀ ਪਤਨੀ ਵਿਰੁੱਧ ਸੋਹਾਣਾ ਥਾਣੇ ਵਿੱਚ ਇੱਕ ਪੁਲੀਸ ਕੇਸ ਦਰਜ਼ ਕੀਤਾ ਗਿਆ ਸੀ। ਕੇਸ ਦੇ ਤਫਤੀਸ਼ੀ ਸਹਾਇਕ–ਸਬ ਇੰਸਪੈਕਟਰ ਓਮ ਪ੍ਰਕਾਸ਼ ਨੇ ਕੇਸ ਰੱਦ ਕਰਨ ਬਦਲੇ 2.50 ਲੱਖ ਰੁਪਏ ਦੀ ਮੰਗੀ ਕੀਤੀ ਸੀ। ਉਨ੍ਹਾਂ ਵੱਲੋਂ ਉਕਤ ਪੁਲੁਸ ਅਧਿਕਾਰੀ ਨੂੰ1.55 ਲੱਖ ਰੁਪਏ ਰਿਸ਼ਵਤ ਵੱਜੋਂ ਦਿੱਤੇ।

ਬੁਲਾਰੇ ਨੇ ਦੱਸਿਆ ਕਿ ਜਾਂਚ ਕਰਨ ਤੋਂ ਬਾਅਦ ਸ਼ਿਕਾਇਤ ਵਿੱਚ ਲਗਾਏ ਦੋਸ਼ਾਂ ਨੂੰ ਸਹੀ ਪਾਇਆ ਗਿਆ। ਉਪਰੰਤ ਵਿਜੀਲੈਂਸ ਬਿਊਰੋ ਨੇ ਸਹਾਇਕ-ਸਬ ਇੰਸਪੈਕਟਰ ਓਮ ਪ੍ਰਕਾਸ਼ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲੀਸ ਥਾਣਾ ਐਸਏਐਸ ਨਗਰ ਮੂਹਾਲੀ ਵਿਖੇ ਕੇਸ ਦਰਜ਼ ਕੀਤਾ ਹੈ।










