ਸੋਧੀਆਂ ਦਰਾਂ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਕੇ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਹਤ ਦੇਣਗੀਆਂ:ਹਰਚੰਦ ਸਿੰਘ ਬਰਸਟ
ਰੋਜ਼ਾਨਾ ਖ਼ਬਰ
ਚੰਡੀਗੜ੍ਹ, 20 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਹ ਫੈਸਲਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਪ੍ਰਧਾਨਗੀ ਹੇਠ ਹੋਈ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ।
ਜਾਣਕਾਰੀ ਅਨੁਸਾਰ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੋਰੀ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ।ਜਿਸ ਨਾਲ ਪ੍ਰਤੀ ਬੋਰੀ 1.76 ਰੁਪਏ ਦਾ ਵਾਧਾ ਹੋਇਆ ਹੈ। ਸ੍ਰੀ ਬਰਸਟ ਨੇ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਮਜ਼ਦੂਰ ਯੂਨੀਅਨਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮਜ਼ਦੂਰਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੋਧੀਆਂ ਦਰਾਂ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨ ਤੋਂ ਇਲਾਵਾ ਨਿਰਪੱਖ ਕਿਰਤ ਅਭਿਆਸਾਂ ਨੂੰ ਉਤਸ਼ਾਹਿਤ ਕਰਨਗੀਆਂ ਅਤੇ ਖੇਤੀਬਾੜੀ ਸਪਲਾਈ ਲੜੀ ਵਿੱਚ ਸ਼ਾਮਲ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣਗੀਆਂ।
ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਖਾਲੀ ਪਲਾਟਾਂ ਦੀ ਈ-ਨਿਲਾਮੀ ਰਾਹੀਂ ਨਿਲਾਮੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਤੇ ਵੱਖ-ਵੱਖ ਮੰਡੀਆਂ ਵਿੱਚ ਏ.ਟੀ.ਐਮ. ਅਤੇ ਯੂਨੀਪੋਲ ਲਗਾਏ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਉਣੀ ਖਰੀਦ ਸੀਜ਼ਨ ਦੌਰਾਨ ਸਹੂਲਤਾਂ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ, ਚੇਅਰਮੈਨ ਪੰਜਾਬ ਕਿਸਾਨ ਕਮਿਸ਼ਨ ਡਾ. ਸੁਖਪਾਲ ਸਿੰਘ, ਵਿਸ਼ੇਸ਼ ਸਕੱਤਰ ਖੇਤੀਬਾੜੀ ਸ੍ਰੀਮਤੀ ਬਲਦੀਪ ਕੌਰ ਹਾਜ਼ਰ ਸਨ।










