ਭਗਵੰਤ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਕਪੂਰਥਲਾ ਜ਼ਿਲ੍ਹੇ ਦਾ ਦੌਰਾ, ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ
ਰੋਜ਼ਾਨਾ ਖ਼ਬਰ
ਸੁਲਤਾਨਪੁਰ ਲੋਧੀ (ਕਪੂਰਥਲਾ), 22 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ
ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਢੰਗ-ਤਰੀਕੇ ਵੀ ਤਲਾਸ਼ੇ ਜਾਣਗੇ। ਉਨ੍ਹਾਂ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸੂਬੇ ਵਿੱਚ ਅਜਿਹੀ ਸਥਿਤੀ ਪੈਦਾ ਹੋਈ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੁਦਰਤੀ ਆਫ਼ਤ ਕਰਕੇ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਬਾਕਾਇਦਾ ਨਿਗਰਾਨੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਅਜਿਹੀਆਂ ਕੁਦਰਤੀ ਆਫ਼ਤਾਂ ਕਾਰਨ ਹੋਣ ਵਾਲੇ ਨੁਕਸਾਨ ਨੂੰ ਟਾਲਣ/ਘੱਟ ਕਰਨ ਲਈ ਢੰਗ-ਤਰੀਕੇ ਤਲਾਸ਼ਣ ਲਈ ਵੀ ਕਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਵਿੱਚ ਫਸਲ, ਪਸ਼ੂ, ਘਰ ਆਦਿ ਤੋਂ ਇਲਾਵਾ ਹਰ ਨੁਕਸਾਨ ਨੂੰ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਨੀਵੇਂ ਇਲਾਕਿਆਂ ਵਿੱਚ ਹੜ੍ਹ ਕਰਕੇ ਹੋਏ ਨੁਕਸਾਨ ਦਾ ਪਤਾ ਲਗਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਹੜ੍ਹਾਂ ਦੌਰਾਨ ਲੋਕਾਂ ਨੂੰ ਹੋਏ ਇੱਕ-ਇੱਕ ਪੈਸੇ ਦੇ ਨੁਕਸਾਨ ਦਾ ਮੁਆਵਜ਼ਾ ਦੇਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਤੋਂ ਜਾਣੂ ਕਰਵਾਇਆ। ਮੁੱਖ ਮੰਤਰੀ ਵੱਲੋਂ ਮੱਖੂ ਤੋਂ ਹਰੀਕੇ ਪੱਤਣ ਤੱਕ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕੀਤਾ ਗਿਆ।

ਫੋਟੋ ਕੈਪਸ਼ਨ: ਮੁੱਖ ਮੰਤਰੀ ਹੜ੍ਹ ਪ੍ਰਭਾਵਿਤ ਇਲਾਕੇ ਬਾਰੇ ਜਾਣਕਾਰੀ ਲੈਂਦੇ।










