Share & like

ਸ਼੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਵਿਖੇ ਜਲੌ ਸਜਾਏ, ਰਾਤ ਨੂੰ ਦੀਪ ਮਾਲਾ ਅਤੇ ਅਤਿਸ਼ਬਾਜੀ ਹੋਵੇਗੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 24 ਅਗਸਤ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਅੱਜ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ਼੍ਰੀ ਅਕਾਲ ਤਖਤ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਸਵੇਰੇ ਪਹਿਲਾਂ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਹੁਕਮਨਾਮਾ ਲਿਆ ਗਿਆ।

ਪੁਰਾਤਨ ਤੋਂ ਚਲੀ ਆ ਰਹੀ ਰੀਤ ਮੁਤਾਬਕ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘੁਬੀਰ ਸਿੰਘ ਪਾਵਨ ਸਰੂਪ ਨੂੰ ਆਪਣੇ ਸਿਰ ‘ਤੇ ਫੁੱਲਾਂ ਨਾਲ ਸੱਜੀ ਪਾਲਕੀ ਤੱਕ ਲਿਆਏ ਅਤੇ ਪਾਵਨ ਸਰੂਪ ਨੂੰ ਸੁੰਦਰ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ ਅਤੇ ਸੰਗਤਾਂ ਹਾਜ਼ਰ ਸਨ।

ਗੁਰਦੁਆਰਾ ਸੈਰਾਮਸਰ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਨਗਰ ਕੀਰਤਨ ਦੇ ਮਾਰਗ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਸੰਗਤਾਂ ਦੇ ਜੈਕਾਰੇ ਬੈਂਡ ਦੀਆਂ ਧੁਨਾਂ ਅਤੇ ਸੰਗਤ ਦੇ ਭਾਰੀ ਉਤਸ਼ਾਹ ਨਾਲ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ। ਇਸ ਸਬੰਧ ਵਿੱਚ ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਵਿਖੇ ਜਲੌ ਵੀ ਸਜਾਏ ਗਏ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸੁੰਦਰ ਸਜਾਵਟ ਸੰਗਤ ਦੀ ਵੱਡੀ ਖਿੱਚ ਦਾ ਕੇਂਦਰ ਬਣੀ ਹੋਈ ਹੈ। ਭਾਰੀ ਬਾਰਸ਼ ਦੇ ਬਾਵਜੂਦ ਸੰਗਤਾਂ ਵਿੱਚ ਗੁਰਪੁਰਬ ਸਬੰਧੀ ਉਤਸ਼ਾਹ ਵੇਖਣ ਵਾਲਾ ਸੀ। ਇਸ ਸਬੰਧ ਵਿੱਚ ਰਾਤ ਨੂੰ ਦੀਪ ਮਾਲਾ ਕੀਤੀ ਜਾਵੇਗੀ ਅਤੇ ਆਤਿਸ਼ਬਾਜੀ ਵੀ ਹੋਵੇਗੀ। ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਦੀਵਾਨ ਵੀ ਸਜ਼ਾਏ ਜਾ ਰਹੇ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਉਤਸਵ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਸੁਨੇਹਾ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਮਾਣ ਤੇ ਸਤਿਕਾਰ ਨੂੰ ਧਿਆਨ ਵਿੱਚ ਰੱਖਦੇ ਗੁਰਬਾਣੀ ਅਨੁਸਾਰ ਆਪਣਾ ਜੀਵਨ ਜਿਉਣ। ਉਨ੍ਹਾਂ ਵਿਦੇਸ਼ ਵਸਦੀ ਸਿੱਖ ਸੰਗਤ ਨੂੰ ਆਖਿਆ ਕਿ ਕਿਸੇ ਵੀ ਸ਼ਰਧਾਲੂ ਨੂੰ ਗੁਰੂ ਘਰ ਵਿੱਚ ਨਤਮਸਤਕ ਹੋਣ ਅਤੇ ਗੁਰੂ ਦੇ ਦਰਸ਼ਨ ਕਰਨ ਲਈ ਆਉਣ ਤੋਂ ਰੋਕਿਆ ਨਹੀਂ ਜਾ ਸਕਦਾ ਹੈ। ਉਨ੍ਹਾਂ ਗੁਰਬਾਣੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਮੁੱਚੀ ਲੁਕਾਈ ਇੱਕ ਪਰਮਾਤਮਾ ਦੀ ਸੰਤਾਨ ਹੈ।


Share & like

Leave a Reply