Share & like

13 ਕਿੱਲੋਮੀਟਰ ਸੜਕ ਦੀ ਮੁਰੰਮਤ ‘ਤੇ 8.15 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 24 ਅਗਸਤ
ਇਲਾਕੇ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਸਿੱਖਿਆ ਸਿਖਲਾਈ ਕੇਂਦਰ ਨੇੜੇ ਗੁਰਦਾਸਪੁਰ-ਹਰਦੋਛੰਨੀ ‘ਤੇ ਡਾਕਟਰ ਨਾਥਾ ਰਾਮ ਦੀ ਦੁਕਾਨ ਤੋਂ ਲੈ ਕੇ ਪਿੰਡ ਅਲੂਣਾ ਤੱਕ 13 ਕਿਲੋਮੀਟਰ ਸੜਕ ਦੀ ਮੁਰੰਮਤ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।

ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਤੋਂ ਪਿੰਡ ਅਲੂਣਾ ਤੱਕ 13 ਕਿੱਲੋਮੀਟਰ ਲੰਬੀ ਸੜਕ ਦੀ ਮੁਰੰਮਤ ਉੱਪਰ 8.15 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਤੋਂ ਬਾਈਪਾਸ ਤੱਕ ਇਸ ਸੜਕ ਨੂੰ ਦੋਵਾਂ ਕਿਨਾਰਿਆਂ ਤੋਂ ਢਾਈ-ਢਾਈ ਫੁੱਟ ਚੌੜਾ ਕੀਤਾ ਜਾਵੇਗਾ ਅਤੇ ਇਸ ਦੇ ਬਰਮਾਂ ‘ਤੇ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸੜਕ ਦੀ ਮੁਰੰਮਤ ਦਾ ਕੰਮ ਲੋਕ ਨਿਰਮਾਣ ਵਿਭਾਗ ਵੱਲੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਅਗਲੇ 6 ਮਹੀਨੇ ਵਿੱਚ ਪ੍ਰੋਜੈਕਟ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਨੂੰ ਬਣਾਉਣ ਵਾਲੇ ਠੇਕੇਦਾਰ ਦੀ ਅਗਲੇ 5 ਸਾਲ ਤੱਕ ਇਸ ਸੜਕ ਦੀ ਸੰਭਾਲ ਦੀ ਜ਼ਿੰਮੇਵਾਰੀ ਵੀ ਹੋਵੇਗੀ।

ਉਨ੍ਹਾਂ ਕਿਹਾ ਕਿ ਗੁਰਦਾਸਪੁਰ-ਹਰਦੋਛੰਨੀ ਸੜਕ ਇਲਾਕੇ ਦੀ ਮੁੱਖ ਸੜਕ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਮੁਰੰਮਤ ਹੋਣ ਵਾਲੀ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਸੜਕ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਜਾਣ ਕਾਰਨ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਦੁੱਖ ਤਕਲੀਫ਼ਾਂ ਦੂਰ ਕਰਨ ਵਾਲੀ ਸਰਕਾਰ ਹੈ ਅਤੇ ਉਨ੍ਹਾਂ ਨੇ ਲੋਕਾਂ ਦੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਵੱਲੋਂ ਸੜਕ ਦੀ ਮੁਰੰਮਤ ਲਈ 8.15 ਕਰੋੜ ਰੁਪਏ ਮਨਜ਼ੂਰ ਕਰਵਾਏ‌ ਗਏ। ਉਨ੍ਹਾਂ ਕਿਹਾ ਕਿ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਦੇ ਨਾਲ ਹੋਰ ਰਾਹਗੀਰਾਂ ਨੂੰ ਵੀ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਬਾਵਾ ਬਹਿਲ, ਨਗਰ ਸੁਧਾਰ ਟਰੱਸਟ ਦੇ ਟਰੱਸਟੀ ਰਘੁਬੀਰ ਸਿੰਘ ਖ਼ਾਲਸਾ, ਹਿਤੇਸ਼ ਮਹਾਜਨ, ਜਗਜੀਤ ਸਿੰਘ ਪਿੰਟਾ, ਐੱਸ.ਡੀ.ਓ. ਲੋਕ ਨਿਰਮਾਣ ਵਿਭਾਗ ਲਵਪ੍ਰੀਤ ਸਿੰਘ, ਗਗਨ ਮਹਾਜਨ, ਇੰਦਰਜੀਤ ਸਿੰਘ ਰਾਣਾ ਸਰਪੰਚ ਬੱਬਰੀ ਵੀ ਹਾਜ਼ਰ ਸਨ।

ਫੋਟੋ ਕੈਪਸ਼ਨ: ਸੜਕ ਦੀ ਮੁਰੰਮਤ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖੇ ਜਾਣ ਦੀ ਝਲਕ।


Share & like

Leave a Reply