ਕਿਹਾ ਕਿ ਆਪ ਸਰਕਾਰ ਪੰਜਾਬ ਦੇ ਗ਼ਰੀਬਾਂ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰੇਗੀ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 24 ਅਗਸਤ
ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਪੰਜਾਬ ਦੇ ਕੁੱਲ 1.53 ਕਰੋੜ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਗ਼ਰੀਬ ਪੰਜਾਬੀਆਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਜਾ ਰਹੀ ਹੈ, ਜੋ ਕਿਸੇ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਕਾਰਜ਼ਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ ਹੈ।
ਸ੍ਰੀ ਸ਼ੈਰੀ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਕੇ.ਵਾਈ.ਸੀ. ਨਾ ਹੋਣ ਦਾ ਬਹਾਨਾ ਲਗਾ ਕੇ 23 ਲੱਖ ਗ਼ਰੀਬਾਂ ਦਾ ਰਾਸ਼ਨ ਜੁਲਾਈ ਤੋਂ ਹੀ ਬੰਦ ਕਰ ਦਿੱਤਾ ਹੈ ਅਤੇ ਹੁਣ 32 ਲੱਖ ਹੋਰ ਲੋਕਾਂ ਦਾ ਰਾਸ਼ਨ 30 ਸਤੰਬਰ ਤੋਂ ਬਾਅਦ ਬੰਦ ਕਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦਾ ਲੋਕ ਤੇ ਗ਼ਰੀਬ ਵਿਰੋਧੀ ਫ਼ੈਸਲਾ ਪੰਜਾਬ ਉੱਪਰ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਨਾਜ਼ ਪੈਦਾ ਕਰਕੇ ਪੂਰੇ ਦੇਸ਼ ਦਾ ਪੇਟ ਪਾਲਦੇ ਹਨ ਅਤੇ ਹੁਣ ਕੇਂਦਰ ਸਰਕਾਰ ਪੰਜਾਬ ਦੇ ਗ਼ਰੀਬ ਪਰਿਵਾਰਾਂ ਦੀਆਂ ਪਲੇਟਾਂ ਖ਼ਾਲੀ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੂੰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਮੰਨਦੀ ਹੈ ਅਤੇ ਇਸ ਬੇਇਨਸਾਫ਼ੀ ਵਿਰੁੱਧ ਆਮ ਆਦਮੀ ਪਾਰਟੀ ਹਰ ਪੱਧਰ ‘ਤੇ ਲੜਾਈ ਲੜੇਗੀ।
ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸੂਬੇ ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੈ, ਕਿਸੇ ਵੀ ਗ਼ਰੀਬ ਦਾ ਰਾਸ਼ਨ ਨਹੀਂ ਰੁਕੇਗਾ। ਉਨ੍ਹਾਂ ਕਿਹਾ ਕਿ 1.29 ਕਰੋੜ ਰਾਸ਼ਨ ਲਾਭਪਾਤਰੀਆਂ ਦੀ ਤਸਦੀਕ ਪੂਰੀ ਹੋ ਗਈ ਹੈ ਅਤੇ ਬਾਕੀ ਰਹਿੰਦੇ ਲੋਕਾਂ ਦੀ ਤਸਦੀਕ ਅਗਲੇ 6 ਮਹੀਨਿਆਂ ਵਿੱਚ ਘਰ-ਘਰ ਜਾ ਕੇ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਨਾਲ ਵਾਅਦਾ ਹੈ ਕਿ ਕਿਸੇ ਵੀ ਲਾਭਪਾਤਰੀ ਦਾ ਰਾਸ਼ਨ ਕਾਰਡ ਕੱਟਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਸ਼ਨ ਨਹੀਂ, ਸਨਮਾਨ ਦੀ ਲੜਾਈ ਹੈ, ਅਧਿਕਾਰਾਂ ਦੀ ਲੜਾਈ ਹੈ ਅਤੇ ਜੇਕਰ ਲੋੜ ਪਈ ਤਾਂ ਆਮ ਆਦਮੀ ਪਾਰਟੀ ਵੱਲੋਂ ਪੂਰੇ ਪੰਜਾਬ ਵਿੱਚ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਗ਼ਰੀਬਾਂ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰੇਗੀ।

ਇਸ ਮੌਕੇ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ, ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਸ. ਜਗਰੂਪ ਸਿੰਘ ਸੇਖਵਾਂ, ਸ. ਬਲਬੀਰ ਸਿੰਘ ਪੰਨੂ, ਸ੍ਰੀ ਸ਼ਮਸ਼ੇਰ ਸਿੰਘ ਦੀਨਾਨਗਰ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਤੇ ਪਾਰਟੀ ਦੇ ਜ਼ਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਹਾਜ਼ਰ ਸਨ।










