ਦਵਿੰਦਰਜੀਤ ਸਿੰਘ/ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਪਠਾਨਕੋਟ, 25 ਅਗਸਤ
ਭਾਰੀ ਬਰਸਾਤ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ ਅਤੇ ਗੈਰ-ਸਰਕਾਰੀ ਸਕੂਲਾਂ/ਕਾਲਜ਼ਾਂ ਨੂੰ ਬੰਦ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ ਬਕਾਇਦਾ ਪੱਤਰ ਜਾਰੀ ਕਰਕੇ ਉਕਤ ਹੁਕਮ ਜਾਰੀ ਕੀਤੇ ਹਨ ਕਿ ਮੌਜੂਦਾ ਸਮੇਂ ਜ਼ਿਲ੍ਹਾ ਪਠਾਨਕੋਟ ਵਿਖੇ ਲਗਾਤਾਰ ਹੋ ਰਹੀ ਬਰਸਾਤ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਸਰਕਾਰੀ/ਗੈਰ-ਸਰਕਾਰੀ ਸਕੂਲਾਂ ਕਾਲਜਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ 25 ਅਗਸਤ 2025 ਨੂੰ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ।

ਜੇਕਰ ਕਿਸੇ ਸਕੂਲ, ਕਾਲਜ਼ ਜਾਂ ਕਿਸੇ ਵਿੱਦਿਅਕ ਅਦਾਰੇ ਵਿੱਚ ਬੋਰਡ ਜਾਂ ਯੂਨੀਵਰਸਿਟੀ ਵੱਲੋਂ ਇਸ ਦਿਨ ਕੋਈ ਪੇਪਰ ਜਾਂ ਪ੍ਰੈਕਟੀਕਲ ਨਿਰਧਾਰਿਤ ਕੀਤਾ ਗਿਆ ਹੈ ਤਾਂ ਇਹ ਹੁਕਮ ਉਸ ਉੱਤੇ ਲਾਗੂ ਨਹੀਂ ਹੋਵੇਗਾ। ਗ਼ੌਰਤਲਬ ਹੈ ਕਿ ਬੀਤੇ ਕੱਲ੍ਹ ਤੋਂ ਜੰਮੂ ਕਸ਼ਮੀਰ ਹਿਮਾਚਲ ਪ੍ਰਦੇਸ਼ ਅਤੇ ਇਲਾਕੇ ਅੰਦਰ ਭਾਰੀ ਬਰਸਾਤ ਕਾਰਨ ਜ਼ਿਲ੍ਹਾ ਪਠਾਨਕੋਟ ਅੰਦਰ ਪੈਂਦੇ ਦਰਿਆ ਅਤੇ ਨਦੀਆਂ ਨਾਲ਼ੇ ਊਫ਼ਾਨ ‘ਤੇ ਚੱਲ ਰਹੇ ਹਨ। ਜਿਸ ਕਾਰਨ ਜ਼ਿਲ੍ਹਾ ਪਠਾਨਕੋਟ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਅਤੇ ਹਾਲਾਤ ਹੜ੍ਹ ਵਰਗੇ ਬਣੇ ਹੋਏ ਹਨ। ਕੋਈ ਅਣ ਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।











