ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਵੇਖਦਿਆਂ 27 ਤੋਂ 30 ਅਗਸਤ ਤੱਕ ਪੰਜਾਬ ਦੇ ਸਾਰੇ ਸਕੂਲ ਕੀਤੇ ਬੰਦ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 26 ਅਗਸਤ
ਪਿਛਲੇ ਕਈ ਦਿਨਾਂ ਤੋਂ ਸੂਬੇ ਅੰਦਰ ਲਗਾਤਾਰ ਪੈ ਰਹੇ ਭਾਰੀ ਬਾਰਸ਼ ਅਤੇ ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਦੌਰਾਨ ਹੋਰ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅਹਿਮ ਫ਼ੈਸਲਾ ਲਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਦੇ ਸਾਰੇ ਪ੍ਰਾਇਮਰੀ, ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਤੇ ਗੈਰ-ਸਰਕਾਰੀ ਸਕੂਲ 27 ਤੋਂ 30 ਅਗਸਤ ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਨੇ ਆਪਣੇ ਅਧਿਕਾਰਕ ਟਵੀਟ ਵਿੱਚ ਕਿਹਾ ਕਿ ਸਰਕਾਰ ਲਈ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਨੇ ਕਿਹਾ ਕਿ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ, ਸੜਕਾਂ ਦੇ ਖ਼ਰਾਬ ਹੋਣ ਅਤੇ ਹੜ੍ਹ ਵਰਗੀ ਸਥਿਤੀ ਬਣ ਰਹੀ ਹੈ। ਅਜਿਹੀ ਸਥਿਤੀ ਵਿੱਚ ਬੱਚਿਆਂ ਦਾ ਸਕੂਲ ਜਾਣਾ ਖ਼ਤਰਨਾਕ ਹੋ ਸਕਦਾ ਹੈ। ਉਨ੍ਹਾਂ ਮਾਪਿਆਂ ਅਤੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਬੱਚਿਆਂ ਨੂੰ ਘਰਾਂ ਅੰਦਰ ਸੁਰੱਖਿਅਤ ਰੱਖਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਲਈ ਪ੍ਰੇਰਿਤ ਕਰਨ।











