ਭਾਖੜਾ, ਪੌਂਗ ਅਤੇ ਰਣਜੀਤ ਸਾਗਰ ਡੈਮ ਤੋਂ ਪਾਣੀ ਛੱਡਣ ਕਾਰਨ ਹਾਲਾਤ ਬਦਤਰ ਬਣੇ, ਸਰਕਾਰ ਵੱਲੋਂ 30 ਅਗਸਤ ਤੱਕ ਸਕੂਲ ਬੰਦ, ਕੈਬਨਿਟ ਮੰਤਰੀਆਂ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਅਗਸਤ
ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਅਤੇ ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆ ਚੜ੍ਹੇ ਹੋਏ ਹਨ। ਜਿਸ ਕਰਕੇ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਪਿੰਡ ਹੜ੍ਹ ਦੀ ਮਾਰ ਹੇਠ ਹਨ। ਇਸ ਨਾਲ ਜਿੱਥੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣਾ ਪੈ ਰਿਹਾ ਹੈ ਉੱਥੇ ਹੀ ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਵੀ ਪਾਣੀ ਵਿੱਚ ਡੁੱਬ ਗਈ ਹੈ। ਹੜ੍ਹਾਂ ਕਾਰਨ ਪੰਜਾਬ ਵਿੱਚ ਆਮ ਜਨ-ਜੀਵਨ ਲੀਹੋਂ ਲੱਥ ਗਿਆ ਹੈ।
ਗੌਰਤਲਬ ਹੈ ਕਿ ਪੰਜਾਬ ਵਿੱਚ ਪਿਛਲੇ 48 ਘੰਟਿਆਂ ਤੋਂ ਕਈ ਥਾਵਾਂ ‘ਤੇ ਲਗਾਤਾਰ ਅਤੇ ਕਈ ਥਾਵਾਂ ‘ਤੇ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਕਾਰਨ ਪੰਜਾਬ ਵਿੱਚ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦੇ ਨਾਲ ਵੀ ਰਾਵੀ ਅਤੇ ਬਿਆਸ ਦਰਿਆ ਵੀ ਚੜ੍ਹੇ ਹੋਏ ਹਨ।

ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਅੰਦਰ ਪਾਣੀ ਭਰ ਜਾਣ ਕਾਰਨ ਲੋਕ ਬੇਹਾਲ ਹਨ। ਪੰਜਾਬ ਸਰਕਾਰ ਨੇ ਬੱਚਿਆਂ ਦੀ ਸੁਰੱਖਿਆ ਨੂੰ ਵੇਖਦਿਆਂ 27 ਤੋਂ 30 ਅਗਸਤ ਤੱਕ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣਾ ਲਈ ਕਿਹਾ ਗਿਆ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਜਾਰੀ ਹਨ। ਪੰਜਾਬ ਸਰਕਾਰ ਨੇ ਵੀ ਹੜ੍ਹਾਂ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਖਿੱਚ ਲਈਆਂ ਹਨ।
ਸੂਬਾ ਸਰਕਾਰ ਵੱਲੋਂ ਜਲੰਧਰ ਵਿੱਚ ਸੂਬਾ ਪੱਧਰੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਥਾਨਕ ਪੱਧਰ ‘ਤੇ ਕੰਟਰੋਲ ਰੂਮ ਅਤੇ ਰਾਹਤ ਕੈਂਪ ਸਥਾਪਤ ਕੀਤੇ ਹਨ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਵੱਖ-ਵੱਖ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦੌਰਾ ਵੀ ਕਰ ਰਹੇ ਹਨ। ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਤਰਨ ਤਾਰਨ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ।

ਮੀਂਹ ਜ਼ਿਆਦਾਤਰ ਹਿੱਸਿਆਂ ਵਿੱਚ ਤੀਜੇ ਦਿਨ ਵੀ ਮੀਂਹ ਜਾਰੀ ਹੈ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਦਾ ਰਿਹਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਰਾਵੀ ਅਤੇ ਬਿਆਸ ਦੇ ਕੰਢਿਆਂ ‘ਤੇ ਪੈਂਦੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਾਈ ਅਲਰਟ ’ਤੇ ਰਹਿਣ ਲਈ ਕਿਹਾ ਹੈ। ਅੱਜ ਸਵੇਰੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਕਪੂਰਥਲਾ, ਹੁਸ਼ਿਆਰਪੁਰ, ਤਰਨ ਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਲਈ ਕਿਹਾ ਗਿਆ ਹੈ।










