Share & like

ਕਿਹਾ ਕਿ ਸਾਡੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਨੇ ਸਬਜ਼ੀ ਮੰਡੀ ਅਤੇ ਇਲਾਕੇ ਦੀ ਸੇਵਾ ਵਿੱਚ ਯੋਗਦਾਨ ਪਾਇਆ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਅਗਸਤ
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸਬਜ਼ੀ ਮੰਡੀ ਨੂੰ ਤੋਹਫ਼ਾ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ 1.05 ਕਰੋੜ ਰੁਪਏ ਦੀ ਲਾਗਤ ਨਾਲ ਸਬਜ਼ੀ ਮੰਡੀ ਗੁਰਦਾਸਪੁਰ ਵਿੱਚ 15000 ਸੁਕੇਅਰ ਫੁੱਟ ਦਾ ਨਵਾਂ ਸਟੀਲ ਕਵਰ ਸ਼ੈੱਡ ਮਨਜ਼ੂਰ ਕੀਤਾ ਗਿਆ ਹੈ ਜਿਸ ਦਾ ਨੀਂਹ ਪੱਥਰ ਅੱਜ ਉਨ੍ਹਾਂ ਵੱਲੋਂ ਰੱਖਿਆ ਗਿਆ ਹੈ।

ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਸਬਜ਼ੀ ਮੰਡੀ ਵਿੱਚ ਸ਼ੈੱਡ ਦੀ ਬਹੁਤ ਲੋੜ ਸੀ ਅਤੇ ਸਬਜ਼ੀ ਮੰਡੀ ਐਸੋਸੀਏਸ਼ਨ ਵੱਲੋਂ ਇਸ ਦੀ ਮੰਗ ਵੀ ਕੀਤੀ ਜਾ ਰਹੀ ਸੀ। ਉਨ੍ਹਾਂ ਨੇ ਸਬਜ਼ੀ ਮੰਡੀ ਦੀ ਇਸ ਜਾਇਜ਼ ਮੰਗ ਲਈ ਪੰਜਾਬ ਸਰਕਾਰ ਅਤੇ ਪੰਜਾਬ ਮੰਡੀ ਬੋਰਡ ਤੱਕ ਪਹੁੰਚ ਕੀਤੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗੁਰਦਾਸਪੁਰ ਸਬਜ਼ੀ ਮੰਡੀ ਦੀ ਘਾਟ ਨੂੰ ਪੂਰਾ ਕਰਦੇ ਹੋਏ 1.05 ਕਰੋੜ ਰੁਪਏ ਜਾਰੀ ਕਰਕੇ 15000 ਸੁਕੇਅਰ ਫੁੱਟ ਦਾ ਨਵਾਂ ਸਟੀਲ ਕਵਰ ਸ਼ੈੱਡ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦਾ ਓਟ-ਆਸਰਾ ਲੈ ਕੇ ਨਵੇਂ ਬਣਨ ਵਾਲੇ ਸ਼ੈੱਡ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ ਅਤੇ ਜਲਦੀ ਹੀ ਇਸ ਸ਼ੈੱਡ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੈੱਡ ਬਣਨ ਨਾਲ ਸਬਜ਼ੀ ਵੇਚਣ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਲੇਬਰ ਅਤੇ ਖ਼ਰੀਦਦਾਰਾਂ ਨੂੰ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਸਮਾਜ ਸੇਵਾ ਨੂੰ ਸਮਰਪਿਤ ਹਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾਂ ਹੀ ਸਬਜ਼ੀ ਮੰਡੀ ਦੀ ਬਿਹਤਰੀ ਲਈ ਆਪਣੇ ਯਤਨ ਕੀਤੇ ਹਨ। ਇਸ ਮੌਕੇ ਉਨ੍ਹਾਂ ਸਬਜ਼ੀ ਮੰਡੀ ਦੇ ਇਸ ਪ੍ਰੋਜੈਕਟ ਲਈ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਹੈ।

ਹੋਰਨਾਂ ਤੋਂ ਇਲਾਵਾ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸ੍ਰੀ ਰਵੀ ਮਹਾਜਨ ਪ੍ਰਧਾਨ ਸਬਜ਼ੀ ਮੰਡੀ ਐਸੋਸੀਏਸ਼ਨ ਗੁਰਦਾਸਪੁਰ, ਨਗਰ ਸੁਧਾਰ ਟਰੱਸਟ ਦੇ ਟਰੱਸਟੀ ਸ. ਰਘੁਬੀਰ ਸਿੰਘ ਖ਼ਾਲਸਾ, ਹਿਤੇਸ਼ ਮਹਾਜਨ ਤੋਂ ਇਲਾਵਾ ਸਬਜ਼ੀ ਮੰਡੀ ਦੇ ਆੜ੍ਹਤੀਏ ਅਤੇ ਸ਼ਹਿਰ ਦੇ ਮੁਹਤਬਰ ਵੀ ਹਾਜ਼ਰ ਸਨ।


Share & like

Leave a Reply