ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਅਤੇ ਬਚਾਅ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ: ਭਗਵੰਤ ਮਾਨ
ਰੋਜ਼ਾਨਾ ਖ਼ਬਰ
ਬਿਆਸ (ਅੰਮ੍ਰਿਤਸਰ), 28 ਅਗਸਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਿਆਸ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਾਲ-ਨਾਲ ਹੜ੍ਹਾਂ ਕਾਰਨ ਡੁੱਬੇ ਹੋਏ ਪਿੰਡਾਂ ਵਿੱਚ ਫਸੇ ਪਰਿਵਾਰਾਂ ਨੂੰ ਸਾਰੀ ਲੋੜੀਂਦੀ ਸਮੱਗਰੀ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ।

ਬਿਆਸ ਦਰਿਆ ਵਿੱਚ ਪਾਣੀ ਦੇ ਵਧੇ ਪੱਧਰ ਦਾ ਜਾਇਜ਼ਾ ਲੈਣ ਲਈ ਅੱਜ ਦੁਪਹਿਰ ਕਰੀਬ ਦੋ ਵਜੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਸਬਾ ਬਿਆਸ ਦਰਿਆ ਪੁੱਜੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਲਈ ਲੋਕਾਂ ਦੇ ਦਰਬਾਰ ਵਿਚ ਖੜੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇਗੀ।
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਤੂਫਾਨੀ ਦੌਰੇ ਦੌਰਾਨ ਸਥਾਨਕ ਅਧਿਕਾਰੀਆਂ ਨੇ ਹੜ੍ਹਾਂ ਕਾਰਨ ਫਸਲਾਂ, ਘਰਾਂ, ਜਨਤਕ ਇਮਾਰਤਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਗੰਭੀਰਤਾ ਨੂੰ ਦੇਖਦਿਆਂ ਆਪਣੀ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਰਾਹਤ ਅਤੇ ਨਿਕਾਸੀ ਕਾਰਜ ਜੰਗੀ ਪੱਧਰ ‘ਤੇ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਵਿਭਾਗਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਪ੍ਰਦਾਨ ਕਰਨ ਲਈ ਇੱਕਜੁੱਟ ਹੋ ਕੇ ਕੰਮ ਕਰਨ ਲਈ ਆਖਿਆ ਗਿਆ ਹੈ।










