ਅਧਿਕਾਰੀਆਂ ਨੂੰ ਹੜ੍ਹ ਰਾਹਤ ਕਾਰਜ ਤੇਜ਼ ਕਰਨ ਦੇ ਹੁਕਮ
ਰਿਪੋਰਟ: ਜਤਿੰਦਰ ਬੈਂਸ / ਦਵਿੰਦਰਜੀਤ ਸਿੰਘ / ਰੋਜ਼ਾਨਾ ਖ਼ਬਰ
ਮਕੌੜਾ ਪੱਤਣ (ਗੁਰਦਾਸਪੁਰ), 30 ਅਗਸਤ
ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ ਅਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ ਦੇ ਮਕੌੜਾ ਪੱਤਣ ਵਿਖੇ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਗੁਰਦਾਸਪੁਰ ਸ਼੍ਰੀ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਸ਼੍ਰੀ ਰੁਪਿੰਦਰਪਾਲ ਸਿੰਘ ਅਤੇ ਡੀ.ਐੱਸ.ਪੀ. ਦੀਨਾਨਗਰ ਸ਼੍ਰੀ ਰਜਿੰਦਰ ਮਿਨਹਾਸ ਵੀ ਹਾਜ਼ਰ ਸਨ।

ਮੁੱਖ ਸਕੱਤਰ ਨੇ ਧੁੱਸੀ ਬੰਨ੍ਹ ਦੇ ਟੁੱਟੇ ਹਿੱਸੇ ਦੀ ਮੁਰੰਮਤ ਕਾਰਜ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਰਾਵੀ ਦਰਿਆ ਵਿੱਚ ਜ਼ਿਆਦਾ ਪਾਣੀ ਆਉਣ ਕਰਕੇ ਜ਼ਿਲ੍ਹਾ ਗੁਰਦਾਸਪੁਰ ਦੇ 324 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿੱਚ ਪਾਣੀ ਦਾ ਪੱਧਰ ਘਟ ਰਿਹਾ ਹੈ ਜਿਸ ਨਾਲ ਹਾਲਾਤ ਸੁਧਰ ਰਹੇ ਹਨ। ਜੇ ਅਗਲੇ ਦਿਨਾਂ ਵਿੱਚ ਭਾਰੀ ਬਾਰਿਸ਼ ਨਾ ਹੋਈ ਤਾਂ ਕੋਈ ਖ਼ਤਰਾ ਨਹੀਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੁੱਸੀ ਬੰਨ੍ਹ ਵਿੱਚ ਪਏ ਪਾੜਾਂ ਨੂੰ ਤੇਜ਼ੀ ਨਾਲ ਭਰਿਆ ਜਾ ਰਿਹਾ ਹੈ।

ਮੁੱਖ ਸਕੱਤਰ ਨੇ ਅਧਿਕਾਰੀਆਂ ਨੂੰ ਹੜ੍ਹ ਰਾਹਤ ਕਾਰਜ ਹੋਰ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਸਹਾਇਤਾ ਮਿਲ ਸਕੇ। ਉਨ੍ਹਾਂ ਕਿਹਾ ਕਿ ਹੋਰ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਜਾਣ, ਪਸ਼ੂਆਂ ਲਈ ਚਾਰੇ ਦੀ ਪ੍ਰਚੂਰਤਾ ਕੀਤੀ ਜਾਵੇ ਅਤੇ ਪਸ਼ੂ ਪਾਲਣ ਵਿਭਾਗ ਵੱਲੋਂ ਉਨ੍ਹਾਂ ਦਾ ਇਲਾਜ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਜਾਂਚ ਕਰਕੇ ਕਿਸਾਨਾਂ ਅਤੇ ਹੋਰ ਪ੍ਰਭਾਵਿਤ ਲੋਕਾਂ ਨੂੰ ਯੋਗ ਰਾਹਤ ਦਿੱਤੀ ਜਾਵੇਗੀ। “ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਖੜੀ ਹੈ,” ਉਨ੍ਹਾਂ ਕਿਹਾ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ।

ਇਸ ਮੌਕੇ ਐਕਸੀਅਨ ਡਰੇਨਜ਼ ਸ਼੍ਰੀ ਜੋਬਨਪ੍ਰੀਤ ਸਿੰਘ, ਐਕਸੀਅਨ ਸ਼੍ਰੀ ਦਿਲਪ੍ਰੀਤ ਸਿੰਘ, ਐੱਸ.ਡੀ.ਓ. ਅਮਿਤ ਲੂਣਾ, ਜੇ.ਈ. ਉਪਦੇਸ਼ ਕੁਮਾਰ, ਸ਼੍ਰੀ ਪ੍ਰਿਤਪਾਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ, ਐੱਸ.ਐੱਚ.ਓ. ਜਤਿੰਦਰਪਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।











