Share & like

ਰੋਜ਼ਾਨਾ ਖ਼ਬਰ
ਚੰਡੀਗੜ੍ਹ, 31 ਅਗਸਤ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਵੱਡੀ ਕਾਰਵਾਈ ਕੀਤੀ ਗਈ ਹੈ। ਬਿਊਰੋ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬੀ.ਡੀ.ਪੀ.ਓ. ਲਖਬੀਰ ਸਿੰਘ (ਮੌਜੂਦਾ ਤਾਇਨਾਤੀ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ) ਅਤੇ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ ਪੰਚਾਇਤ ਫੰਡਾਂ ਵਿੱਚ 24,69,949 ਰੁਪਏ ਦੇ ਗਬਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਅਨੁਸਾਰ ਇਹ ਕੇਸ ਪਿੰਡ ਗਹਿਰੀ ਮੰਡੀ ਦੇ ਇੱਕ ਨਿਵਾਸੀ ਵੱਲੋਂ ਦਿੱਤੀ ਗਈ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਸੀ। ਵਿਜੀਲੈਂਸ ਦੀ ਤਕਨੀਕੀ ਟੀਮ ਨੇ 2013 ਤੋਂ 2017 ਤੱਕ ਦੇ ਵਿਕਾਸ ਫੰਡਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਖੁਲਾਸਾ ਹੋਇਆ ਕਿ ਇਸ ਮਿਆਦ ਵਿੱਚ ਗ੍ਰਾਮ ਪੰਚਾਇਤ ਨੂੰ 49,21,658 ਰੁਪਏ ਦੇ ਫੰਡ ਪ੍ਰਾਪਤ ਹੋਏ ਸਨ, ਜਿਨ੍ਹਾਂ ਵਿੱਚੋਂ ਸਿਰਫ਼ 17,37,900 ਰੁਪਏ ਹੀ ਖਰਚ ਕੀਤੇ ਗਏ। ਬਾਕੀ ਰਕਮ 24,69,949 ਰੁਪਏ ਦੀ ਗਬਨ ਕੀਤੀ ਗਈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਰਪੰਚ ਮਨਜਿੰਦਰ ਸਿੰਘ ਨੇ ਤਤਕਾਲੀ ਗ੍ਰਾਮ ਪੰਚਾਇਤ ਸਕੱਤਰ ਕਰਨਜੀਤ ਸਿੰਘ ਅਤੇ ਬੀ.ਡੀ.ਪੀ.ਓ. ਲਖਬੀਰ ਸਿੰਘ ਨਾਲ ਮਿਲੀਭੁਗਤ ਕਰਕੇ ਇਹ ਗਬਨ ਕੀਤਾ।

ਇਸ ਆਧਾਰ ‘ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 13(1)(ਏ), 13(2) ਅਤੇ ਆਈ.ਪੀ.ਸੀ. ਦੀਆਂ ਧਾਰਾਵਾਂ 201, 409, 420, 120-ਬੀ ਤਹਿਤ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


Share & like

Leave a Reply