Share & like

ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਖੜ੍ਹੀ ਹੈ ਪੰਜਾਬ ਸਰਕਾਰ – ਨੁਕਸਾਨ ਦੀ ਇਕ-ਇਕ ਪੈਸੇ ਦੀ ਭਰਪਾਈ ਹੋਵੇਗੀ-ਮਾਨ

ਰੋਜ਼ਾਨਾ ਖ਼ਬਰ
ਟਾਂਡਾ (ਹੁਸ਼ਿਆਰਪੁਰ), 1 ਸਤੰਬਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈ ਕੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਇਕ-ਇਕ ਪੈਸੇ ਦੀ ਭਰਪਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਮਿਆਣੀ ਦੇ ਰਾਹਤ ਕੈਂਪ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਲੋਕਾਂ ਨੂੰ ਬਚਾਅ ਤੇ ਰਾਹਤ ਮੁਹੱਈਆ ਕਰਨ ਲਈ ਪ੍ਰਸ਼ਾਸਨ ਨੂੰ ਵਿਆਪਕ ਪੱਧਰ ’ਤੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਕਾਰਨ 10 ਤੋਂ ਵੱਧ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ ਅਤੇ ਲਗਭਗ 3 ਲੱਖ ਏਕੜ ਖੇਤੀਬਾੜੀ ਜ਼ਮੀਨ, ਖ਼ਾਸ ਕਰਕੇ ਝੋਨਾ, ਡੁੱਬ ਚੁੱਕੀ ਹੈ।
ਭਗਵੰਤ ਮਾਨ ਨੇ ਦੱਸਿਆ ਕਿ ਸਿਹਤ, ਜਲ ਸਪਲਾਈ ਅਤੇ ਪਸ਼ੂ ਪਾਲਣ ਵਿਭਾਗਾਂ ਦੀਆਂ ਟੀਮਾਂ ਪ੍ਰਭਾਵਿਤ ਪਿੰਡਾਂ ਵਿੱਚ ਤਾਇਨਾਤ ਹਨ। ਲੋਕਾਂ ਨੂੰ ਸੁੱਕਾ ਰਾਸ਼ਨ, ਪੀਣ ਯੋਗ ਪਾਣੀ ਅਤੇ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਨਾਲੇ/ਨਾਲੀਆਂ ਵਿੱਚ ਬਲੀਚਿੰਗ ਤੇ ਪਿੰਡਾਂ ਵਿੱਚ ਸਫ਼ਾਈ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਰਤ ਸਰਕਾਰ ਕੋਲ ਰੁਕੇ ਹੋਏ 60 ਹਜ਼ਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਡਾ. ਰਵਜੋਤ ਅਤੇ ਹੋਰ ਵਿਧਾਇਕ ਵੀ ਮੌਜੂਦ ਸਨ।


Share & like

Leave a Reply