ਰੋਜ਼ਾਨਾ ਖ਼ਬਰ
ਫਿਰੋਜ਼ਪੁਰ, 2 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸ਼ਤੀ ਰਾਹੀਂ ਫਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੌਜੂਦਾ ਮੁਆਵਜ਼ੇ ਦੇ ਮਾਪਦੰਡ ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਹੋਏ ਅਸਲ ਨੁਕਸਾਨ ਦੇ ਮੁਕਾਬਲੇ ਬਿਲਕੁਲ ਨਾਕਾਫ਼ੀ ਹਨ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦੇਣ ਲਈ ਨਿਯਮਾਂ ਵਿੱਚ ਤੁਰੰਤ ਸੋਧ ਕੀਤੀ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਪੱਕਣ ਕੰਢੇ ਫਸਲਾਂ ਹੜ੍ਹਾਂ ਕਾਰਨ ਤਬਾਹ ਹੋਈਆਂ ਹਨ ਅਤੇ ਕਿਸਾਨਾਂ ਨੂੰ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਐਕਸਗ੍ਰੇਸ਼ੀਆ ਚਾਰ ਤੋਂ ਵਧਾ ਕੇ ਅੱਠ ਲੱਖ ਰੁਪਏ ਕਰਨ ਅਤੇ ਅਪੰਗਤਾ ਵਾਲਿਆਂ ਲਈ ਮੁਆਵਜ਼ਾ ਦੋਗੁਣਾ ਕਰਨ ਦੀ ਮੰਗ ਕੀਤੀ ਗਈ ਹੈ।
ਭਗਵੰਤ ਮਾਨ ਨੇ ਕਿਹਾ ਕਿ ਤਿੰਨ ਲੱਖ ਏਕੜ ਤੋਂ ਵੱਧ ਖੇਤ ਡੁੱਬੇ ਹੋਏ ਹਨ, ਜਿਨ੍ਹਾਂ ਵਿੱਚੋਂ ਵੱਡੇ ਹਿੱਸੇ ਵਿੱਚ ਝੋਨੇ ਦੀ ਫਸਲ ਸੀ। ਪਸ਼ੂ ਧਨ ਦਾ ਵੀ ਭਾਰੀ ਨੁਕਸਾਨ ਹੋਇਆ ਹੈ, ਜਿਸ ਨਾਲ ਪੇਂਡੂ ਆਰਥਿਕਤਾ ਨੂੰ ਝਟਕਾ ਲੱਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀ ਹੋਈ ਹੈ ਅਤੇ ਸੀਨੀਅਰ ਅਧਿਕਾਰੀਆਂ ਨੂੰ ਮੈਦਾਨ ਵਿੱਚ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਪੀੜਤਾਂ ਨੂੰ ਤੁਰੰਤ ਸਹਾਇਤਾ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਨੇ ਹਾਲੀਆ ਇਤਿਹਾਸ ਵਿੱਚ ਸਭ ਤੋਂ ਵੱਡਾ ਨੁਕਸਾਨ ਕੀਤਾ ਹੈ ਅਤੇ ਇਸ ਘੜੀ ਵਿੱਚ ਕੇਂਦਰ ਸਰਕਾਰ ਨੂੰ ਪੰਜਾਬ ਦੇ ਨਾਲ ਉਦਾਰਤਾ ਦਾ ਰਵੱਈਆ ਅਪਣਾਉਣਾ ਚਾਹੀਦਾ ਹੈ।










