ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 4 ਸਤੰਬਰ
ਪੁੱਡਾ ਕਾਲੋਨੀ ਬਟਾਲਾ ਰੋਡ ਗੁਰਦਾਸਪੁਰ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਕਾਲੋਨੀ ਵਿੱਚ ਸੜਕ ਦੇ ਵਿਚਕਾਰ ਡਿੱਗਿਆ ਦਰਖ਼ਤ ਅਤੇ ਜਗ੍ਹਾ ਜਗ੍ਹਾ ਬਣੇ ਟੋਇਆਂ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਬਾਰਿਸ਼ ਹੋਣ ਤੋਂ ਬਾਅਦ ਇਨ੍ਹਾਂ ਟੋਇਆਂ ਵਿੱਚ ਪਾਣੀ ਭਰ ਜਾਣ ਨਾਲ ਆਵਾਜਾਈ ਹੋਰ ਵੀ ਮੁਸ਼ਕਲ ਹੋ ਗਈ ਹੈ।

ਪਰਉਪਕਾਰ ਸੇਵਕ ਜਥਾ ਗੁਰਦਾਸਪੁਰ ਦੇ ਪ੍ਰਧਾਨ ਸਰਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ 10 ਦਿਨ ਤੋਂ ਦਰਖ਼ਤ ਸੜਕ ਵਿੱਚਕਾਰ ਡਿੱਗਿਆ ਹੋਇਆ ਹੈ ਪਰ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀ ਇਸ ਕਾਲੋਨੀ ਦਾ ਦੌਰਾ ਕਰਕੇ ਵਿਭਾਗ ਦੇ ਅਧਿਕਾਰੀਆਂ ਨੂੰ ਕਾਲੋਨੀ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਕਿਹਾ ਸੀ ਪਰ ਹਾਲਾਤ ਅਜੇ ਵੀ ਜਿਉਂ ਦੇ ਤਿਉਂ ਹਨ।
ਕਾਲੋਨੀ ਵਾਸੀਆਂ ਨੇ ਮੰਗ ਕੀਤੀ ਹੈ ਕਿ ਸੜਕਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਅਤੇ ਸੜਕ ਵਿੱਚ ਪਿਆ ਦਰਖ਼ਤ ਜਲਦ ਤੋਂ ਜਲਦ ਹਟਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ।











