ਪਿੰਡ ਵਾਸੀਆਂ ਨੂੰ ਮਿਲੇ, ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਸਰਕਾਰ ਵੱਲੋਂ ਪੂਰਾ ਭਰੋਸਾ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਦੀਨਾਨਗਰ/ਗੁਰਦਾਸਪੁਰ, 4 ਸਤੰਬਰ
ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਅੱਜ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨਾਲ ਮਿਲ ਕੇ ਦੀਨਾਨਗਰ ਦੇ ਰਾਵੀ ਦਰਿਆ ਨੇੜਲੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਸਥਿਤੀ ਦੀ ਜਾਣਕਾਰੀ ਲਈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਸਮਸ਼ੇਰ ਸਿੰਘ (ਹਲਕਾ ਇੰਚਾਰਜ ਦੀਨਾਨਗਰ), ਚੇਅਰਮੈਨ ਬਲਜੀਤ ਸਿੰਘ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਮੁੱਖਦੇਵ ਸਿੰਘ ਆਲੋਵਾਲ ਵੀ ਮੌਜੂਦ ਸਨ।
ਮਨੀਸ਼ ਸਿਸੋਦੀਆ ਅਤੇ ਸ਼ੈਰੀ ਕਲਸੀ ਨੇ ਪਿੰਡਾਂ ਵਿੱਚ ਵਧ ਰਹੇ ਪਾਣੀ ਅਤੇ ਆਉਣ ਵਾਲੀਆਂ ਚੁਣੌਤੀਆਂ ਬਾਰੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹੜ੍ਹ ਪ੍ਰਭਾਵਿਤ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਜ਼ਮੀਨਾਂ ਅਤੇ ਰਿਹਾਇਸ਼ੀ ਇਲਾਕਿਆਂ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ, ਨਾਲ ਹੀ ਲੰਬੇ ਸਮੇਂ ਦੇ ਹੱਲ ਤਿਆਰ ਕਰਨ ਲਈ ਵੀ ਯੋਜਨਾਵਾਂ ਬਣ ਰਹੀਆਂ ਹਨ।
ਆਗੂਆਂ ਨੇ ਪਿੰਡ ਵਾਸੀਆਂ, ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਰੋਸਾ ਦਿੱਤਾ ਕਿ ਸਰਕਾਰ ਹਰੇਕ ਅਣਸੁਖਾਵੀਂ ਘਟਨਾ ਤੋਂ ਬਚਾਅ ਲਈ ਨੇੜਿਓਂ ਨਜ਼ਰ ਰੱਖ ਰਹੀ ਹੈ।
ਉਹਨਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਆਪ ਪਾਰਟੀ ਦੀ ਲੀਡਰਸ਼ਿਪ, ਵਲੰਟੀਅਰ ਅਤੇ ਸਰਕਾਰ ਪੰਜਾਬੀਆਂ ਨਾਲ ਡਟ ਕੇ ਖੜ੍ਹੇ ਹਨ।

ਯਾਦ ਰਹੇ ਕਿ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟਣ ਕਾਰਨ ਗੁਰਦਾਸਪੁਰ ਜ਼ਿਲ੍ਹੇ ਦੇ ਮਕੌੜਾ ਪੱਤਣ, ਗਾਹਲੜੀ, ਦੋਰਾਂਗਲਾ, ਕਲਾਨੌਰ ਅਤੇ ਡੇਰਾ ਬਾਬਾ ਨਾਨਕ ਇਲਾਕੇ ਦੇ 324 ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਲ ਪੁਲਿਸ, ਐਨ.ਡੀ.ਆਰ.ਐੱਫ, ਬੀ.ਐੱਸ.ਐੱਫ ਅਤੇ ਭਾਰਤੀ ਫੌਜ ਦੇ ਸਹਿਯੋਗ ਨਾਲ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਰਾਹੀਂ ਹੁਣ ਤੱਕ 5581 ਲੋਕਾਂ ਨੂੰ ਹੈਲੀਕਾਪਟਰ ਅਤੇ ਕਿਸ਼ਤੀਆਂ ਦੀ ਮਦਦ ਨਾਲ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।










