ਮ੍ਰਿਤਕਾਂ ਦੇ ਵਾਰਸਾਂ ਲਈ 2 ਲੱਖ ਅਤੇ ਜ਼ਖਮੀਆਂ ਲਈ 50 ਹਜ਼ਾਰ ਰੁਪਏ ਦਾ ਮੁਆਵਜ਼ਾ
ਰੋਜ਼ਾਨਾ ਖ਼ਬਰ
ਹਿਮਾਚਲ ਪ੍ਰਦੇਸ਼, 9 ਸਤੰਬਰ
ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਅਤੇ ਬਾਰਿਸ਼ ਕਾਰਨ ਹੋਈ ਤਬਾਹੀ ਦਾ ਜਾਇਜ਼ਾ ਲੈਣ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਨੇੜਲੇ ਰਿਸ਼ਤੇਦਾਰਾਂ ਲਈ 2 ਲੱਖ ਰੁਪਏ ਅਤੇ ਜ਼ਖਮੀਆਂ ਲਈ 50 ਹਜ਼ਾਰ ਰੁਪਏ ਦੀ ਰਾਹਤ ਰਕਮ ਜਾਰੀ ਕਰਨ ਦੀ ਘੋਸ਼ਣਾ ਵੀ ਕੀਤੀ।

ਮੋਦੀ ਨੇ ਮੰਡੀ ਅਤੇ ਕੁੱਲੂ ਜ਼ਿਲ੍ਹਿਆਂ ਦਾ ਹਵਾਈ ਸਰਵੇਖਣ ਕਰਕੇ ਨੁਕਸਾਨੀ ਹਾਲਾਤਾਂ ਦਾ ਅੰਦਾਜ਼ਾ ਲਾਇਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਰਾਜ ਸਰਕਾਰ ਨਾਲ ਮਿਲ ਕੇ ਹਰ ਸੰਭਵ ਸਹਾਇਤਾ ਦੇਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ SDRF ਦੀ ਅਗਲੀ ਕਿਸ਼ਤ ਅਗਾਊਂ ਰਿਲੀਜ਼ ਕਰਨ, PM ਆਵਾਸ ਯੋਜਨਾ ਅਧੀਨ ਘਰਾਂ ਦੀ ਮਨਜ਼ੂਰੀ, ਰਾਸ਼ਟਰੀ ਰਾਜਮਾਰਗਾਂ ਦੀ ਤੁਰੰਤ ਬਹਾਲੀ ਅਤੇ ਪਸ਼ੂਆਂ ਲਈ ਮਿੰਨੀ ਕਿੱਟਾਂ ਜਾਰੀ ਕਰਨ ਦਾ ਐਲਾਨ ਵੀ ਕੀਤਾ।

ਪ੍ਰਧਾਨ ਮੰਤਰੀ ਨੇ NDRF, SDRF ਅਤੇ ਆਪਦਾ ਮਿੱਤਰਾ ਦੇ ਸੇਵਾਦਾਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਰਾਹਤ ਕਾਰਜਾਂ ਦੀ ਸ਼ਲਾਘਾ ਕੀਤੀ।
ਸਰਕਾਰੀ ਅੰਕੜਿਆਂ ਮੁਤਾਬਕ, ਹਿਮਾਚਲ ਨੂੰ ਇਸ ਵਾਰ ਮੌਨਸੂਨ ਦੌਰਾਨ 4500 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। 370 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਜਦੋਂ ਕਿ 41 ਹਾਲੇ ਵੀ ਲਾਪਤਾ ਹਨ। ਸਭ ਤੋਂ ਵੱਧ ਨੁਕਸਾਨ ਸੜਕਾਂ ਅਤੇ ਪੁਲਾਂ ਨੂੰ ਹੋਇਆ ਹੈ।
ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਸਾਲ ਦੀ ਨਿਤਿਕਾ ਨਾਲ ਵੀ ਮੁਲਾਕਾਤ ਕੀਤੀ, ਜਿਸਨੇ 30 ਜੂਨ ਦੀ ਰਾਤ ਮੰਡੀ ਜ਼ਿਲ੍ਹੇ ਦੇ ਗੋਹਰ ਖੇਤਰ ਵਿੱਚ ਬੱਦਲ ਫਟਣ ਕਾਰਨ ਆਪਣੇ ਮਾਪਿਆਂ ਨੂੰ ਗੁਆ ਦਿੱਤਾ ਸੀ। ਨਿਤਿਕਾ ਹਿਮਾਚਲ ਵਿੱਚ ਆਫ਼ਤ ਦੀ ਤਬਾਹੀ ਦੇ ਚਿਹਰੇ ਵਜੋਂ ਸਾਹਮਣੇ ਆਈ ਹੈ। ਪ੍ਰਧਾਨ ਮੰਤਰੀ ਨੇ ਹੋਰ 20 ਬੱਚਿਆਂ ਨਾਲ ਵੀ ਮਿਲ ਕੇ ਉਨ੍ਹਾਂ ਦੇ ਦੁੱਖ-ਦਰਦ ਨੂੰ ਸਾਂਝਾ ਕੀਤਾ, ਜਿਨ੍ਹਾਂ ਨੇ ਇਸ ਮੌਨਸੂਨ ਦੌਰਾਨ ਆਪਣੇ ਅਜ਼ੀਜ਼ ਗੁਆਏ ਹਨ।

ਕਾਂਗੜਾ ਦੇ ਗੱਗਲ ਹਵਾਈ ਅੱਡੇ ‘ਤੇ ਪਹੁੰਚਣ ਮੌਕੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਅਤੇ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ।










