ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਮੁਹਾਲੀ, 10 ਸਤੰਬਰ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਗੁਰਿੰਦਰ ਸਿੰਘ ਸੋਢੀ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਸੈਕੰਡਰੀ ਅਤੇ ਪ੍ਰਾਇਮਰੀ) ਨੂੰ ਪੱਤਰ ਜਾਰੀ ਕਰਦੇ ਹੋਏ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪਿਆਡ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।

ਬੋਰਡ ਵੱਲੋਂ ਹਰ ਸਾਲ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਹਿੱਤ ਇਹ ਓਲੰਪਿਆਡ ਕਰਵਾਇਆ ਜਾਂਦਾ ਹੈ। ਪਿਛਲੇ ਦੋ ਸਾਲਾਂ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਮਾਂ ਬੋਲੀ ਪ੍ਰਤੀ ਆਪਣਾ ਪਿਆਰ ਦਰਸਾਇਆ ਹੈ। ਇਸ ਵਾਰ ਮੁਕਾਬਲੇ ਦੇ ਢਾਂਚੇ ਵਿੱਚ ਕੁਝ ਤਬਦੀਲੀਆਂ ਕਰਕੇ ਇਸ ਨੂੰ ਹੋਰ ਆਕਰਸ਼ਕ ਬਣਾਇਆ ਗਿਆ ਹੈ ਅਤੇ ਇਨਾਮਾਂ ਦੀ ਗਿਣਤੀ ਵੀ ਵਧਾਈ ਗਈ ਹੈ।

ਸਕੱਤਰ ਸ੍ਰੀ ਸੋਢੀ ਨੇ ਕਿਹਾ ਕਿ ਹਰ ਸਕੂਲ ਵਿੱਚ ਘੱਟੋ-ਘੱਟ ਤਿੰਨ ਵਿਦਿਆਰਥੀਆਂ ਪ੍ਰਤੀ ਵਰਗ ਰਜਿਸਟਰ ਕੀਤੇ ਜਾਣ ਲਾਜ਼ਮੀ ਹਨ। ਇਸ ਦੇ ਨਾਲ ਹੀ ਹਰ ਜ਼ਿਲ੍ਹੇ ਵਿੱਚ ਇੱਕ ਯੋਗ ਪੰਜਾਬੀ ਮਾਹਿਰ ਨੂੰ ਕੋਆਰਡੀਨੇਟਰ ਨਿਯੁਕਤ ਕਰਕੇ ਉਸਦਾ ਨਾਮ, ਫੋਨ ਨੰਬਰ ਅਤੇ ਈਮੇਲ ਆਈਡੀ ਬੋਰਡ ਨੂੰ ਭੇਜਣ ਲਈ ਕਿਹਾ ਗਿਆ ਹੈ।

ਵਿਦਿਆਰਥੀਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਬੋਰਡ ਦੀ ਵੈਬਸਾਈਟ www.pseb.ac.in ਉੱਤੇ 31 ਅਕਤੂਬਰ 2025 ਤੱਕ ਉਪਲਬਧ ਰਹੇਗੀ।










