ਹੜ੍ਹ ਨਾਲ ਨੁਕਸਾਨੇ ਘਰਾਂ ਦੇ ਮੁਆਵਜ਼ੇ ਦੀਆਂ ਹਦਾਇਤਾਂ ਜਾਰੀ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 10 ਸਤੰਬਰ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਵਾਧੂ ਚਾਰਜ ਸੰਭਾਲ ਰਹੇ ਆਈ.ਏ.ਐੱਸ. ਅਧਿਕਾਰੀ ਸ੍ਰੀ ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਇੱਕ ਆਨਲਾਈਨ ਮੀਟਿੰਗ ਰਾਹੀਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਚੱਲ ਰਹੇ ਰਾਹਤ ਅਤੇ ਪੁਨਰਵਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ।

ਉਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਖ਼ੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਜਾ ਕੇ ਮੌਕੇ ‘ਤੇ ਰਾਹਤ ਤੇ ਪੁਨਰਵਾਸ ਕਾਰਜਾਂ ਦੀ ਨਿਗਰਾਨੀ ਕਰਨ। ਡਿਪਟੀ ਕਮਿਸ਼ਨਰ ਨੇ ਜ਼ੋਰ ਦਿਤਾ ਕਿ ਕੋਈ ਵੀ ਹੜ੍ਹ ਪੀੜਤ ਪੰਜਾਬ ਸਰਕਾਰ ਦੀ ਮਦਦ ਤੋਂ ਵਾਂਝਾ ਨਾ ਰਹੇ। ਇਸ ਲਈ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਘਰ-ਘਰ ਜਾ ਕੇ ਲੋੜਵੰਦਾਂ ਤੱਕ ਰਾਹਤ ਸਮਗਰੀ ਪਹੁੰਚਾਉਣ ਦੇ ਆਦੇਸ਼ ਦਿੱਤੇ ਗਏ।
ਸ੍ਰੀ ਅਗਰਵਾਲ ਨੇ ਕਿਹਾ ਕਿ ਹੜ੍ਹ ਕਾਰਨ ਨੁਕਸਾਨੇ ਗਏ ਘਰਾਂ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ। ਇਸ ਦੇ ਨਾਲ ਹੀ ਸੜਕਾਂ, ਪੁਲਾਂ ਅਤੇ ਹੋਰ ਬੁਨਿਆਦੀ ਢਾਂਚੇ ਦੀ ਮੁਰੰਮਤ ਸ਼ੁਰੂ ਕਰਨ ਦੇ ਹੁਕਮ ਦਿੱਤੇ।
ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਗਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਮੈਡੀਕਲ ਕੈਂਪ ਜਾਰੀ ਰੱਖਣ। ਟੀਮਾਂ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਅਤੇ ਪਿੰਡਾਂ ਵਿੱਚ ਨਿਯਮਿਤ ਫੌਗਿੰਗ ਕਰਕੇ ਮੱਛਰਾਂ ਦੀ ਵਰਧੀ ਰੋਕਣ। ਪਸ਼ੂ ਪਾਲਣ ਵਿਭਾਗ ਨੂੰ ਵੀ ਪਸ਼ੂਆਂ ਦੇ ਇਲਾਜ ਅਤੇ ਚਾਰੇ ਦੀ ਸਪਲਾਈ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਕਿਹਾ ਗਿਆ।

ਖੇਤੀਬਾੜੀ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਘਟਣ ਤੋਂ ਬਾਅਦ ਫ਼ਸਲਾਂ ਦੇ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੇ ਆਦੇਸ਼ ਮਿਲੇ, ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਡਰੇਨਜ਼ ਵਿਭਾਗ ਨੂੰ ਧੁੱਸੀ ਬੰਨ੍ਹਾਂ ਵਿੱਚ ਪਏ ਪਾੜਿਆਂ ਨੂੰ ਤੁਰੰਤ ਭਰਨ ਲਈ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦਿਨ-ਰਾਤ ਹੜ੍ਹ ਪੀੜਤਾਂ ਦੀ ਸੇਵਾ ਵਿੱਚ ਜੁਟਿਆ ਹੋਇਆ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ, ਤਾਂ ਜੋ ਇੱਕ ਵੀ ਲੋੜਵੰਦ ਵਿਅਕਤੀ ਮਦਦ ਤੋਂ ਵਾਂਝਾ ਨਾ ਰਹੇ।










