Share & like

ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ 12 ਸਾਲ ਪੁਰਾਣੇ ਮਾਮਲੇ ’ਚ ਦੋਸ਼ੀ ਕਰਾਰ

ਰੋਜ਼ਾਨਾ ਖ਼ਬਰ
ਤਰਨਤਾਰਨ, 10 ਸਤੰਬਰ
ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ 11 ਲੋਕਾਂ ਨੂੰ ਤਰਨ ਤਾਰਨ ਦੀ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ 12 ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਗੋਇੰਦਵਾਲ ਸਾਹਿਬ ਜੇਲ੍ਹ ਭੇਜ ਦਿੱਤਾ ਹੈ। ਅਦਾਲਤ ਵੱਲੋਂ ਸਜ਼ਾ ਦਾ ਐਲਾਨ 12 ਸਤੰਬਰ ਨੂੰ ਕੀਤਾ ਜਾਵੇਗਾ। ਦੋਸ਼ੀਆਂ ਵਿੱਚ ਛੇ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਕਾਰਵਾਈ ਦੌਰਾਨ ਮੌਤ ਹੋ ਚੁੱਕੀ ਹੈ।


ਇਹ ਮਾਮਲਾ 3 ਮਾਰਚ 2013 ਦਾ ਹੈ, ਜਦੋਂ ਤਰਨ ਤਾਰਨ-ਗੋਇੰਦਵਾਲ ਸਾਹਿਬ ਸੜਕ ’ਤੇ ਸਥਿਤ ਇੱਕ ਪੈਲੇਸ ਵਿੱਚ ਪੀੜਤਾ ਹਰਬਰਿੰਦਰ ਕੌਰ ਉਸਮਾਂ ਨਾਲ ਸ਼ਰੇਆਮ ਮਾਰਕੁੱਟ ਕੀਤੀ ਗਈ ਸੀ ਅਤੇ ਉਸ ਦੇ ਕੱਪੜੇ ਤੱਕ ਪਾੜ ਦਿੱਤੇ ਗਏ ਸਨ। ਇਸ ਘਟਨਾ ਤੋਂ ਬਾਅਦ ਸਥਾਨਕ ਸਿਟੀ ਥਾਣੇ ਵਿੱਚ ਐੱਸਸੀ/ਐੱਸਟੀ ਸਮੇਤ ਕਈ ਸੰਗੀਨ ਧਾਰਾਵਾਂ ਅਧੀਨ ਕੇਸ ਦਰਜ ਕੀਤਾ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਪਰੀਮ ਕੋਰਟ ਨੇ ਪੀੜਤਾ ਨੂੰ ਸਖ਼ਤ ਸੁਰੱਖਿਆ ਪ੍ਰਦਾਨ ਕਰਨ ਦੇ ਹੁਕਮ ਜਾਰੀ ਕੀਤੇ ਸਨ।
ਅਦਾਲਤ ਵੱਲੋਂ ਫ਼ੈਸਲਾ ਸੁਣਾਏ ਜਾਣ ਵੇਲੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਸਾਰੇ ਦੋਸ਼ੀ ਹਾਜ਼ਰ ਸਨ, ਜਿਨ੍ਹਾਂ ਨੂੰ ਦੋਸ਼ੀ ਠਹਿਰਾਉਣ ਦੇ ਤੁਰੰਤ ਬਾਅਦ ਪੁਲੀਸ ਨੇ ਜੇਲ੍ਹ ਭੇਜ ਦਿੱਤਾ। ਮੁਦਈ ਪੱਖ ਦੇ ਵਕੀਲ ਅਮਿਤ ਧਵਨ ਨੇ ਦੱਸਿਆ ਕਿ ਮਨਜਿੰਦਰ ਸਿੰਘ ਲਾਲਪੁਰਾ ਸਮੇਤ ਪੁਲੀਸ ਮੁਲਾਜ਼ਮ ਦਵਿੰਦਰ ਕੁਮਾਰ, ਸਾਰਜ ਸਿੰਘ, ਅਸ਼ਵਨੀ ਕੁਮਾਰ, ਤਰਸੇਮ ਸਿੰਘ ਅਤੇ ਹਰਜਿੰਦਰ ਸਿੰਘ, ਨਾਲ ਹੀ ਹਰਵਿੰਦਰ ਸਿੰਘ ਸ਼ੋਸੀ ਤੇ ਕੰਵਲਦੀਪ ਸਿੰਘ ਨੂੰ ਐੱਸਸੀ/ਐੱਸਟੀ ਸਮੇਤ ਹੋਰਨਾਂ ਧਾਰਾਵਾਂ ਅਧੀਨ ਦੋਸ਼ੀ ਠਹਿਰਾਇਆ ਗਿਆ ਹੈ। ਗਗਨਦੀਪ ਸਿੰਘ, ਪੁਲੀਸ ਮੁਲਾਜ਼ਮ ਨਰਿੰਦਰਜੀਤ ਸਿੰਘ ਅਤੇ ਗੁਰਦੀਪ ਰਾਜ ਨੂੰ ਕੁੱਟਮਾਰ ਦੀਆਂ ਧਾਰਾਵਾਂ ਅਧੀਨ ਦੋਸ਼ੀ ਮੰਨਿਆ ਗਿਆ ਹੈ।
ਮਾਮਲੇ ਦੀ ਪੀੜਤਾ ਹਰਬਰਿੰਦਰ ਕੌਰ ਉਸਮਾਂ ਨੇ ਅਦਾਲਤੀ ਫ਼ੈਸਲੇ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ 12 ਸਾਲਾਂ ਦੀ ਲੰਮੀ ਮਾਨਸਿਕ ਪੀੜਾ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦੀ। ਦੂਜੇ ਪਾਸੇ, ਇਸ ਫ਼ੈਸਲੇ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ ਅਤੇ ਖਡੂਰ ਸਾਹਿਬ ਹਲਕੇ ਵਿੱਚ ਉਪ-ਚੋਣ ਦੀ ਸੰਭਾਵਨਾ ਬਣਦੀ ਨਜ਼ਰ ਆ ਰਹੀ ਹੈ।

ਫਾਈਲ ਫੋਟੋ: ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ


Share & like

Leave a Reply