Share & like

ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਵਾਹਨਾਂ ਦੀ ਹੋਈ ਚੈਕਿੰਗ, ਨਸ਼ਾ ਮੁਕਤ ਪੰਜਾਬ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ

ਰੋਜ਼ਾਨਾ ਖ਼ਬਰ
ਮਾਲੇਰਕੋਟਲਾ/ਸੰਗਰੂਰ, 10 ਸਤੰਬਰ
ਪੰਜਾਬ ਸਰਕਾਰ ਦੀ ਹਦਾਇਤਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਅੱਜ ਮਾਲੇਰਕੋਟਲਾ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ “ਕਾਰਡਨ ਐਂਡ ਸਰਚ ਓਪਰੇਸ਼ਨ” ਚਲਾਇਆ ਗਿਆ। ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਪੀ (ਸਥਾਨਕ) ਗੁਰਸ਼ਰਨਜੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਵੱਡੀ ਪੁਲਿਸ ਫੋਰਸ ਨੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਵਾਹਨਾਂ ਦੀ ਬਾਰੀਕੀ ਨਾਲ ਤਲਾਸ਼ੀ ਕੀਤੀ।

ਸਬ ਡਵੀਜਨ ਮਾਲੇਰਕੋਟਲਾ ਵਿੱਚ ਡੀ.ਐਸ.ਪੀ ਮਾਨਵਜੀਤ ਸਿੰਘ ਸਿੱਧੂ, ਡੀ.ਐਸ.ਪੀ. ਰਣਜੀਤ ਸਿੰਘ, ਸਬ ਡਵੀਜਨ ਅਮਰਗੜ੍ਹ ਦੇ ਪਿੰਡ ਬਾਗੜੀਆਂ ਵਿੱਚ ਡੀ.ਐਸ.ਪੀ ਸਤੀਸ਼ ਕੁਮਾਰ ਅਤੇ ਸਬ ਡਵੀਜਨ ਅਹਿਮਦਗੜ੍ਹ ਵਿੱਚ ਡੀ.ਐਸ.ਪੀ ਰਾਜਨ ਸ਼ਰਮਾ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ।
ਐਸ.ਪੀ ਗੁਰਸ਼ਰਨਜੀਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਕਾਰਵਾਈ ਦਾ ਮਕਸਦ ਨਸ਼ਿਆਂ ਦੇ ਕਾਰੋਬਾਰ ‘ਤੇ ਨਕੇਲ ਕੱਸਣਾ, ਮਾੜੇ ਅਨਸਰਾਂ ਨੂੰ ਕਾਬੂ ਕਰਨਾ ਅਤੇ ਲੋਕਾਂ ਵਿੱਚ ਸੁਰੱਖਿਆ ਦਾ ਮਾਹੌਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ।

ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਮਾੜੇ ਕਾਰੋਬਾਰ ਤੋਂ ਹੱਟ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਨਹੀਂ ਆਉਂਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਲਈ ਚੱਲ ਰਹੀ ਇਸ ਮੁਹਿੰਮ ਵਿੱਚ ਸਹਿਯੋਗ ਦੇਣ। ਜੇਕਰ ਕਿਸੇ ਕੋਲ ਨਸ਼ੇ ਦੇ ਕਾਰੋਬਾਰ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰੇ। ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।




Share & like

Leave a Reply